ਕੇਂਦਰ ਸਰਕਾਰ ਨੇ ਪੰਜਾਬ ’ਚ ਪੋਟਾਸ਼ ਖੋਜਣ ਦੀ ਦਿੱਤੀ ਮਨਜ਼ੂਰੀ
ਚੰਡੀਗਡ਼੍ਹ, 11 ਨਵੰਬਰ- ਕੇਂਦਰ ਸਰਕਾਰ ਨੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਪੋਟਾਸ਼ ਦੀ ਖੋਜ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਨੇ ਪੋਟਾਸ਼ ਦੀ ਖੋਜ ਲਈ ਦੋਵੇਂ ਜ਼ਿਲ੍ਹਿਆਂ ’ਚ 35 ਬੋਰਹੋਲਜ਼ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਹੈ; ਪੰਜਾਬ ਸਰਕਾਰ ਵੱਲੋਂ ਪੰਜ ਹੋਰ ਬੋਰਹੋਲਜ਼ ਕੀਤੇ ਜਾਣਗੇ। ਇਹ ਖੋਜ ਅਪਰੈਲ 2027 ਦੇ ਅਖ਼ੀਰ ਜਾਂ ਮਈ ਦੇ ਪਹਿਲੇ ਹਫ਼ਤੇ ’ਚ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 20 ਬੋਰਹੋਲ ਜਿਓਲੌਜੀਕਲ ਸਰਵੇ ਆਫ ਇੰਡੀਆ ਜਦਕਿ 15 ਹੋਰ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ ਪੁੱਟੇ ਜਾਣਗੇ।
ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਗੋਆ ’ਚ 5 ਅਤੇ 6 ਨਵੰਬਰ ਨੂੰ ਹੋਈ ਕਾਨਫਰੰਸ ਦੌਰਾਨ ਪੋਟਾਸ਼ ਦੀ ਖੋਜ ਦਾ ਮਾਮਲਾ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਜੀ ਕਿਸ਼ਨ ਰੈੱਡੀ ਕੋਲ ਚੁੱਕਿਆ ਸੀ। ਕੇਂਦਰੀ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਦੇ ਹੁਕਮ ਦਿੱਤੇ ਸਨ ਅਤੇ ਖੋਜ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਸੀ। ਪੋਟਾਸ਼ ਅਹਿਮ ਖਣਿਜ ਹੈ ਜਿਸ ਲਈ ਭਾਰਤ ਲਗਪਗ 100 ਫ਼ੀਸਦੀ ਦਰਾਮਦ ’ਤੇ ਨਿਰਭਰ ਹੈ।
ਇਸ ਲਈ ਘਰੇਲੂ ਪੱਧਰ ’ਤੇ ਖੋਜ ਕਰਨਾ ਦਰਾਮਦ ਉੱਤੇ ਨਿਰਭਰਤਾ ਘਟਾਉਣ ਅਤੇ ਮੁਲਕ ਦੀ ਖਣਿਜ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਹੈ। ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੋਟਾਸ਼ ਦੀ ਖੋਜ ਨੂੰ ਅਣਗੌਲਿਆ ਕੀਤਾ ਗਿਆ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ’ਚ ਪੋਟਾਸ਼ ਦੇ ਭੰਡਾਰਾਂ ਦੀ ਖੋਜ 1989 ਵਿੱਚ ਹੀ ਹੋ ਗਈ ਸੀ। ਉਸ ਤੋਂ ਬਾਅਦ ਲਗਾਤਾਰ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਕਿਸੇ ਵੀ ਸਰਕਾਰ ਨੇ ਠੋਸ ਕਦਮ ਨਹੀਂ ਚੁੱਕੇ। ਮੁਹਾਲੀ ’ਚ ਪੋਟਾਸ਼ ਅਤੇ ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਲੈਬ ਸਥਾਪਤ ਕੀਤੀ ਜਾ ਰਹੀ ਹੈ।
Share this content:



Post Comment