ਚੋਣਾਂ ਦੌਰਾਨ ‘ਆਪ’ ਤੇ ਅਕਾਲੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ
ਸ੍ਰੀ ਮੁਕਤਸਰ ਸਾਹਿਬ, 27 ਮਈ – ਇੱਥੋਂ ਦੇ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ ਜਦੋਂ ਵਾਰਡ ਨੰਬਰ 18 ਅਤੇ 19 ਦੇ ਪੋਲਿੰਗ ਬੂਥਾਂ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ ਵਿੱਚ ਭਿੜ ਗਏ। ਦੋਵਾਂ ਧਿਰਾਂ ਦੇ ਸਮਰਥਕਾਂ ਵਿਚਾਲੇ ਹੋਈ ਇਸ ਤਿੱਖੀ ਝੜਪ ਦੌਰਾਨ ਜੰਮ ਕੇ ਲੱਤਾਂ-ਘਸੁੰਨ ਚੱਲੇ, ਜਿਸ ਕਾਰਨ ਪੋਲਿੰਗ ਬੂਥ ’ਤੇ ਅਫ਼ਰਾ-ਤਫ਼ਰੀ ਮਚ ਗਈ।
ਪ੍ਰਤੱਖਦਰਸ਼ੀਆਂ ਅਨੁਸਾਰ ਵਿਵਾਦ ਇੰਨਾ ਵਧ ਗਿਆ ਕਿ ਅਕਾਲੀ ਆਗੂਆਂ ਨੂੰ ਗਲੀਆਂ-ਬਾਜ਼ਾਰਾਂ ਵਿੱਚ ਭਜਾਇਆ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ’ਤੇ ਬਾਹਰੋਂ ਲੋਕਾਂ ਨੂੰ ਲਿਆ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਅਤੇ ਵੋਟਿੰਗ ਵਿੱਚ ਗੜਬੜੀ ਕਰਨ ਦੇ ਗੰਭੀਰ ਦੋਸ਼ ਲਗਾਏ। ਦੱਸਿਆ ਜਾ ਰਿਹਾ ਹੈ ਕਿ ਇਸੇ ਹੰਗਾਮੇ ਦੌਰਾਨ ਹਲਕਾ ਵਿਧਾਇਕ ਡਿੰਪੀ ਢਿੱਲੋਂ ਦੇ ਪੀਏ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅਕਾਲੀ ਆਗੂ ਚਰਨਜੀਤ ਸਿੰਘ ਭੁੂੰਦੜ ਅਤੇ ਹੋਰ ਵਰਕਰਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਦੂਜੇ ਪਾਸੇ, ‘ਆਪ’ ਵਰਕਰਾਂ ਨੇ ਵੀ ਅਕਾਲੀ ਦਲ ਦੇ ਸਮਰਥਕਾਂ ’ਤੇ ਪਹਿਲਾਂ ਹਮਲਾ ਕਰਨ ਦੇ ਉਲਟ ਦੋਸ਼ ਲਗਾਏ ਹਨ।
ਇਸ ਅਚਾਨਕ ਹੋਏ ਝਗੜੇ ਅਤੇ ਹੰਗਾਮੇ ਕਾਰਨ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਆਏ ਆਮ ਲੋਕਾਂ ਵਿੱਚ ਭਾਜੜ ਮਚ ਗਈ। ਖ਼ਾਸ ਕਰਕੇ ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਦੇਖਿਆ ਗਿਆ। ਇਸ ਘਟਨਾ ਨੇ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਵੀ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ। ਵਿਰੋਧੀ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਨਿਰਪੱਖ ਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਏ ਹਨ। ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਨੇ ਕਿਹਾ ਕਿ ਲੰਬੀ ਅਤੇ ਮਲੋਟ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ‘ਚ ਅਕਾਲੀ ਵਰਕਰ ਅਤੇ ਅਕਾਲੀ ਆਗੂ ਗਿੱਦੜਬਾਹਾ ਵਿੱਚ ਆ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਸਨ ਜਿਸ ਕਰਕੇ ਬਹਿਸ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਬਾਹਰੀ ਵਿਅਕਤੀ ਨੂੰ ਗਿੱਦੜਬਾਹਾ ਚੋਣਾਂ ਵਿੱਚ ਦਖਲ ਦੀ ਇਜਾਜ਼ਤ ਨਾ ਦਿੱਤੀ ਜਾਵੇ।
Share this content:


Post Comment