Loading Now

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 14 ਅਗਸਤ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ’ਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੇ ਦਿੱਲੀ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤੀ ਦੋ ਰੋਜ਼ਾ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਹਵਾਰਾ ਨੇ ਇਸ ਰਾਹਤ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਨਿਯਮਿਤ ਪੈਰੋਲ ਦੀ ਮੰਗ ਕੀਤੀ ਹੈ। ਹਵਾਰਾ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਸ ਨੂੰ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇੇਣੀ ’ਚ ਰੱਖਿਆ ਗਿਆ ਹੈ ਅਤੇ ਜੇਲ੍ਹ ਤੋਂ ਬਾਹਰ ਉਸ ਦੀ ਆਵਾਜਾਈ ਲਈ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨੇ ਪੈਣਗੇ।

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਕਿਹਾ ਕਿ ਉਨ੍ਹਾਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਕਿ ਉਹ ਆਪਣੀ ਬਿਮਾਰ ਮਾਂ ਨੂੰ ਮਿਲ ਸਕੇ। ਉਨ੍ਹਾਂ ਦਾ ਇਹ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਵਾਰਾ ਨੂੰ ਪੈਰੋਲ ਦਿਵਾਉਣ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਆਇਆ ਹੈ। ਰਾਜਪਾਲ ਨੇ ‘ਹਰ ਘਰ ਤਿਰੰਗਾ-ਵਾਕਾਥੌਨ’ ਦੌਰਾਨ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ, ‘‘ਉਸ (ਹਵਾਰਾ) ਦੀ ਮਾਂ ਬਿਮਾਰ ਹੈ। ਅਸੀਂ ਮਨੁੱਖਤਾ ਦੇ ਆਧਾਰ ’ਤੇ ਮਾਮਲੇ ਦੀ ਸਿਫ਼ਾਰਸ਼ ਕੀਤੀ ਹੈ।’’ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਮਨੁੱਖੀ ਆਧਾਰ ’ਤੇ ਪੈਰੋਲ ਅਰਜ਼ੀ ਦੀ ਹਮਾਇਤ ਕੀਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਦਿੱਲੀ ਦੀ ਮੰਡੋਲੀ ਜੇਲ੍ਹ (ਜਿੱਥੇ ਹਵਾਰਾ ਬੰਦ ਹੈ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਸਿਫ਼ਾਰਸ਼ਾਂ ਲੈਣ ਮਗਰੋਂ ਹਵਾਰਾ ਦੀ ਪੈਰੋਲ ਅਰਜ਼ੀ ’ਤੇ ਸਮਾਂਬੱਧ ਫ਼ੈਸਲਾ ਲੈਣ।

Share this content:

Post Comment