ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੀਆਂ ਜ਼ਮੀਨਾਂ ਨੂੰ ਨਾ ਵੇਚਣ ਦੀ ਕੀਤੀ ਅਪੀਲ
ਅੰਮ੍ਰਿਤਸਰ, 28 ਜਨਵਰੀ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਸ਼ਹੀਦਾਂ ਤੋਂ ਪ੍ਰੇਰਣਾ ਲੈ ਕੇ ਇੱਕ ਪਰਿਵਾਰ ਵਾਂਗ ਇਕੱਠੇ ਰਹਿਣ ਅਤੇ ਆਪਸੀ ਚੁਗਲੀ ਤੇ ਨਿੰਦਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਮੇਤ ਹੋਰ ਸਿੰਘ ਸ਼ਹੀਦਾਂ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਅਜ਼ਮਤ ਅਤੇ ਮਾਣ ਸਤਿਕਾਰ ਦੀ ਰੱਖਿਆ ਲਈ ਸਿੱਖਾਂ ਨੇ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਸ ਕਰਕੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਮੀਨਾਂ ਤੋਂ ਹੱਥ ਨਾ ਛੱਡਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਿੱਖਾਂ ਨੇ ਵੱਡੀਆਂ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਬਸਤੀਵਾਦੀ ਨੀਤੀਆਂ ਦੇ ਤਹਿਤ ਪੰਜਾਬ ਦੀਆਂ ਜ਼ਮੀਨਾਂ ਨੂੰ ਟੁਕੜਿਆਂ ਵਿੱਚ ਵੰਡ ਕੇ ਵੇਚਿਆ ਜਾ ਰਿਹਾ ਹੈ, ਜਿਸ ਨੂੰ ਰੋਕਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਲਾਲਚ ਵਿੱਚ ਆ ਕੇ ਆਪਣੀਆਂ ਬੇਸ਼ਕੀਮਤੀ ਜ਼ਮੀਨਾਂ ਨਾ ਵੇਚਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਕੇਕ ਕੱਟ ਕੇ ਜਨਮ ਦਿਹਾੜੇ ਮਨਾਉਣਾ ਸਿੱਖ ਰਵਾਇਤਾਂ ਦੇ ਅਨੁਕੂਲ ਨਹੀਂ ਹੈ।
Share this content:



Post Comment