ਜਲੰਧਰ ’ਚ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ
ਜਲੰਧਰ, 12 ਨਵੰਬਰ- ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਲਾਡੋਵਾਲੀ ਰੋਡ ਸਥਿਤ ਸਕੂਲ ਆਫ਼ ਐਮੀਨੈਂਸ ਵਿੱਚ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਦਾ ਉਦਘਾਟਨ ਕੀਤਾ। ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵੱਲੋਂ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ 11 ਤੋਂ 14 ਨਵੰਬਰ 2026 ਤੱਕ ਕੁਰਾਸ਼ ਅਤੇ ਮਾਰਸ਼ਲ ਆਰਟਸ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀ ਅੰਡਰ- 14, 17 ਅਤੇ 19 (ਲੜਕੇ) ਵਰਗਾਂ ਵਿੱਚ ਹਿੱਸਾ ਲੈ ਰਹੇ ਹਨ। ਕੈਬਨਿਟ ਮੰਤਰੀ ਨੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ‘ਆਪ’ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਸਮੇਤ ਰਿਬਨ ਕੱਟ ਕੇ ਖੇਡ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਭਾਗੀਦਾਰਾਂ ਨੂੰ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਅਤੇ ਜੇਤੂ ਦੀ ਸੋਚ ਅਪਣਾਉਣ ਲਈ ਉਤਸ਼ਾਹਿਤ ਕੀਤਾ। ਸ੍ਰੀ ਭਗਤ ਨੇ ਪੰਜਾਬ ਸਰਕਾਰ ਦੀ ਉਸ ਸੋਚ ’ਤੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ਖੇਡਾਂ ਵਤਨ ਪੰਜਾਬ ਦੀਆਂ ਵਰਗੀਆਂ ਪ੍ਰਭਾਵਸ਼ਾਲੀ ਪਹਿਲਕਦਮੀਆਂ ਰਾਹੀਂ ਪੂਰੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੰਤਰ-ਜ਼ਿਲ੍ਹਾ ਖੇਡਾਂ ਵਿੱਚ ਮਿਲੀ ਸਫ਼ਲਤਾ ਨੌਜਵਾਨਾਂ ਲਈ ਅਜਿਹੇ ਪਲੇਟਫਾਰਮ ਦਾ ਕੰਮ ਕਰਦਾ ਹੈ, ਜਿਸ ਰਾਹੀਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰ ਸਕਦੇ ਹਨ। ਇਸ ਦੌਰਾਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਇਨ੍ਹਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਹਾਕੀ ਵਿੱਚ ਹਾਲ ਹੀ ਵਿੱਚ ਪ੍ਰਾਪਤ ਕੀਤੀਆਂ ਰਾਸ਼ਟਰੀ ਉਪਲਬਧੀਆਂ ਅਤੇ ਪੰਜਾਬ ਵੱਲੋਂ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਉਭਰਦੇ ਖਿਡਾਰੀ ਭਵਿੱਖ ਵਿੱਚ ਵੀ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣਗੇ।
Share this content:



Post Comment