ਜ਼ਿਮਨੀ ਚੋਣ ਜਿੱਤਣ ’ਤੇ ‘ਆਪ’ ਆਗੂਆਂ ਵਿੱਚ ਖੁਸ਼ੀ ਦੀ ਲਹਿਰ
ਚੰਡੀਗੜ੍ਹ, 23 ਜੂਨ – ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਅਤੇ ਗੁਜਰਾਤ ਦੇ ਵਿਧਾਨ ਸਭਾ ਹਲਕਾ ਵਿਸਾਵਦਰ ਤੋਂ ਗੋਪਾਲ ਇਟਾਲੀਆ ਦੇ ਜ਼ਿਮਨੀ ਚੋਣ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸੈਕਟਰ-39 ਸਥਿਤ ਪਾਰਟੀ ਦਫ਼ਤਰ ਵਿੱਚ ਸਮੂਹ ਕੈਬਨਿਟ ਮੰਤਰੀ ਅਤੇ ਪਾਰਟੀ ਵਰਕਰਾਂ ਨੇ ਜਿੱਤ ਦਾ ਜਸ਼ਨ ਮਨਾਇਆ। ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਚੀਮਾ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ ਤੇ ਲਾਲਜੀਤ ਭੁੱਲਰ ਹਾਜ਼ਰ ਸਨ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਬੁੱਧਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਦੀਪਕ ਬਾਲੀ, ਪਾਰਟੀ ਦੇ ਬੁਲਾਰੇ ਨੀਲ ਗਰਗ, ਗੋਵਿੰਦਰ ਮਿੱਤਲ, ‘ਆਪ’ ਆਗੂ ਬਲਤੇਜ ਪੰਨੂ ਤੇ ਬਲਵਿੰਦਰ ਸਿੰਘ ਝੜਵਾਂ ਨੇ ਵੀ ਵਰਕਰਾਂ ਨਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਜਿੱਤ ’ਤੇ ਵਧਾਈ ਦਿੱਤੀ। ਉਨ੍ਹਾਂ ਐਕਸ ’ਤੇ ਲਿਖਿਆ, ‘‘ਆਪ’ ਦੀ ਸ਼ਾਨਦਾਰ ਜਿੱਤ ’ਤੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ! ਵੱਡੇ ਫਰਕ ਨਾਲ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਜ਼ਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਾਂਗੇ।’ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ ਭਗਵੰਤ ਮਾਨ ਦੀ ਅਗਵਾਈ ਹੇਠ ਫਾਈਨਲ ਵੀ ਜਿੱਤੇਗੀ। ਇਹ ਜਿੱਤ ‘ਆਪ’ ਦੇ ਕੰਮ ਦੀ ਜਿੱਤ ਹੈ। ਸਿਸੋਦੀਆ ਨੇ ਗੋਪਾਲ ਇਟਾਲੀਆ ਨੂੰ ਵੀ ਵਧਾਈ ਦਿੱਤੀ।
Share this content:



Post Comment