Loading Now

ਤੰਦੂਰ ਵਾਂਗ ਤਪਿਆ ਪੰਜਾਬ, 45.8 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਹਾ ਸਭ ਤੋਂ ਗਰਮ

ਤੰਦੂਰ ਵਾਂਗ ਤਪਿਆ ਪੰਜਾਬ, 45.8 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਹਾ ਸਭ ਤੋਂ ਗਰਮ

ਚੰਡੀਗੜ , 27 ਮਈ –  ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਭਿਆਨਕ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। 28 ਮਈ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਕਈ ਥਾਈਂ ਮੀਂਹ ਅਤੇ ਗੜੇਮਾਰੀ ਸੰਭਵ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਬਠਿੰਡਾ ਵਿਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਦੁਪਹਿਰ ਵੇਲੇ ਤੇਜ਼ ਧੁੱਪ ਅਤੇ ਗਰਮ ਹਵਾਵਾਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, 28 ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਸਮੇਂ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੌਸਮ ਖਾਸ ਤੌਰ ‘ਤੇ ਖਰਾਬ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 29 ਅਤੇ 30 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਲਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਕੁਝ ਥਾਵਾਂ ‘ਤੇ ਬਿਜਲੀ ਗਰਜ ਤੇ ਗੜੇਮਾਰੀ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Share this content:

Post Comment