Loading Now

ਦਿਲ ਦੇ ਦੌਰੇ ਦੇ 9 ਮਰੀਜ਼ਾਂ ਲਈ ਜੀਵਨਦਾਤਾ ਬਣਿਆ ਸਟੈਮੀ ਪ੍ਰਾਜੈਕਟ

ਦਿਲ ਦੇ ਦੌਰੇ ਦੇ 9 ਮਰੀਜ਼ਾਂ ਲਈ ਜੀਵਨਦਾਤਾ ਬਣਿਆ ਸਟੈਮੀ ਪ੍ਰਾਜੈਕਟ

ਰੂਪਨਗਰ, 16 ਸਤੰਬਰ – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਸਮੇਂ ਸਿਰ ਅਤੇ ਮੁਫ਼ਤ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਸਟੈਮੀ ਪ੍ਰਾਜੈਕਟ ਦਿਲ ਦੇ ਦੌਰੇ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਇਸ ਸਾਲ ਹੁਣ ਤੱਕ ਦਿਲ ਦੇ ਦੌਰੇ ਤੋਂ ਪੀੜਤ 9 ਮਰੀਜ਼ਾਂ ਦੀ ਕੀਮਤੀ ਜਾਨ ਬਚਾਈ ਜਾ ਚੁੱਕੀ ਹੈ। ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਸਟੈਮੀ ਪ੍ਰਾਜੈਕਟ ਤਹਿਤ ਦਿਲ ਦੇ ਦੌਰੇ ਦੀ ਗੰਭੀਰ ਸਥਿਤੀ ਵਿੱਚ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਅਤੇ ਲੋੜ ਅਨੁਸਾਰ ਇਲਾਜ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਮਰੀਜ਼ ਦੀ ਮੁੱਢਲੀ ਜਾਂਚ ਕਰਕੇ ਦਿਲ ਦੇ ਦੌਰੇ ਦੀ ਸਥਿਤੀ ਦੀ ਪੁਸ਼ਟੀ ਹੋਣ ਉਪਰੰਤ ਲੋੜ ਅਨੁਸਾਰ ਵਿਸ਼ੇਸ਼ ਟੀਕਾ ਲਗਾਇਆ ਜਾਂਦਾ ਹੈ, ਜੋ ਦਿਲ ਦੀਆਂ ਨਾੜੀਆਂ ਵਿੱਚ ਬਣੇ ਖ਼ੂਨ ਦੇ ਥੱਕੇ ਨੂੰ ਘੋਲਣ ਵਿੱਚ ਸਹਾਇਤਾ ਕਰਦਾ ਹੈ। ਇਸ ਮਹਿੰਗੇ ਟੀਕੇ ਦੀ ਕੀਮਤ ਆਮ ਤੌਰ ’ਤੇ ਲਗਭਗ 25 ਹਜ਼ਾਰ ਤੋਂ 35 ਹਜ਼ਾਰ ਰੁਪਏ ਤੱਕ ਹੁੰਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਇਹ ਸਹੂਲਤ ਮਰੀਜ਼ਾਂ ਨੂੰ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।

ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਹਰ ਪਲ ਬੇਹੱਦ ਕੀਮਤੀ ਹੁੰਦਾ ਹੈ। ਕਈ ਵਾਰ ਮਰੀਜ਼ ਦੀ ਹਾਲਤ ਇੰਨੀ ਗੰਭੀਰ ਹੁੰਦੀ ਹੈ ਕਿ ਉਸ ਨੂੰ ਤੁਰੰਤ ਉੱਚ ਸਿਹਤ ਸੰਸਥਾ ਵਿਖੇ ਭੇਜਣ ਦੀ ਲੋੜ ਪੈਂਦੀ ਹੈ। ਅਜਿਹੇ ਸਮੇਂ ਦੌਰਾਨ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਮਰੀਜ਼ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਟੈਮੀ ਪ੍ਰਾਜੈਕਟ ਤਹਿਤ ਜ਼ਿਲ੍ਹਾ ਹਸਪਤਾਲ ਵਿੱਚ ਹੀ ਮਰੀਜ਼ ਨੂੰ ਤੁਰੰਤ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨਾਲ ਉਸ ਦੀ ਹਾਲਤ ਨੂੰ ਸਥਿਰ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਇਸ ਤੋਂ ਬਾਅਦ ਉਸ ਨੂੰ ਅਜਿਹੀ ਨੇੜਲੀ ਸਿਹਤ ਸੰਸਥਾ ਵਿਖੇ ਭੇਜਿਆ ਜਾਂਦਾ ਹੈ, ਜਿੱਥੇ ਦਿਲ ਦੀਆਂ ਨਾੜੀਆਂ ਦੀ ਵਿਸ਼ੇਸ਼ ਜਾਂਚ ਅਤੇ ਲੋੜ ਪੈਣ ’ਤੇ ਸਟੰਟ ਪਾਉਣ ਦੀ ਸਹੂਲਤ ਉਪਲਬਧ ਹੋਵੇ। ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮੈਡੀਕਲ ਮਾਹਿਰ ਡਾ. ਪੁਨੀਤ ਸੈਣੀ ਅਤੇ ਸਮੁੱਚੀ ਸਿਹਤ ਟੀਮ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਮਾਹਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸਟੈਮੀ ਪ੍ਰਾਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

Share this content:

Post Comment