ਨਗਰ ਨਿਗਮ ਪਠਾਨਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਠਾਨਕੋਟ, 28 ਜੁਲਾਈ – ਨਗਰ ਨਿਗਮ ਪਠਾਨਕੋਟ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੋਮਵਾਰ ਸਵੇਰੇ ਸ਼ਹਿਰ ’ਚ ਤਰਥੱਲੀ ਮਚ ਗਈ। ਧਮਕੀ ਭਰੀ ਈਮੇਲ ਨਗਰ ਨਿਗਮ ਦੀ ਅਧਿਕਾਰਕ ਈਮੇਲ ਆਈਡੀ ’ਤੇ ਸਵੇਰੇ ਕਰੀਬ 10 ਵਜੇ ਪ੍ਰਾਪਤ ਹੋਈ, ਜਿਸ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ’ਚ ਆ ਗਈਆਂ ਅਤੇ ਨਗਰ ਨਿਗਮ ਦਫ਼ਤਰ ਸਮੇਤ ਧਮਕੀ ’ਚ ਦਰਜ ਹੋਰ ਥਾਵਾਂ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਨਗਰ ਨਿਗਮ ਪਠਾਨਕੋਟ ਦੇ ਐਕਸੀਅਨ ਪਰਮਜੋਤ ਸਿੰਘ ਨੇ ਦੱਸਿਆ ਕਿ ਅਧਿਕਾਰਕ ਈਮੇਲ ’ਤੇ ਮਿਲੇ ਸੁਨੇਹੇ ਵਿੱਚ ਨਗਰ ਨਿਗਮ ਦੇ ਦਫ਼ਤਰ ਦੇ ਨਾਲ-ਨਾਲ ਪਠਾਨਕੋਟ ਸ਼ਹਿਰ ਦੇ ਇੱਕ ਸਕੂਲ ਅਤੇ ਆਰਮੀ ਸਟੇਸ਼ਨ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਈਮੇਲ ਮਿਲਦੇ ਹੀ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੁਪਹਿਰ ਕਰੀਬ ਤਿੰਨ ਵਜੇ ਤੋਂ ਪਹਿਲਾਂ ਹੀ ਪੁਲਿਸ ਟੀਮਾਂ ਨਗਰ ਨਿਗਮ ਦਫ਼ਤਰ ਪਹੁੰਚ ਗਈਆਂ ਅਤੇ ਦਫ਼ਤਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸੁਰੱਖਿਆ ਦੇ ਮੱਦੇਨਜ਼ਰ ਦਫ਼ਤਰ ਦੇ ਹਰੇਕ ਹਿੱਸੇ ਦੀ ਜਾਂਚ ਕੀਤੀ ਗਈ। ਪੁਲਿਸ ਦੀ ਜਾਂਚ ਦੌਰਾਨ ਨਾ ਤਾਂ ਕੋਈ ਸ਼ੱਕੀ ਵਸਤੂ ਮਿਲੀ ਅਤੇ ਨਾ ਹੀ ਕੋਈ ਸ਼ੱਕੀ ਵਿਅਕਤੀ ਦਫ਼ਤਰ ਦੇ ਅੰਦਰ ਮੌਜੂਦ ਪਾਇਆ ਗਿਆ। ਜਾਂਚ ਤੋਂ ਬਾਅਦ ਪੁਲਿਸ ਨੇ ਦਫ਼ਤਰ ਨੂੰ ਸੁਰੱਖਿਅਤ ਕਰਾਰ ਦਿੱਤਾ। ਹਾਲਾਂਕਿ ਧਮਕੀ ਨੂੰ ਲੈ ਕੇ ਕੁਝ ਸਮੇਂ ਲਈ ਕਰਮਚਾਰੀਆਂ ਅਤੇ ਆਮ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਰਿਹਾ ਪਰ ਪ੍ਰਸ਼ਾਸਨ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ’ਚ ਰੱਖਿਆ। ਨਗਰ ਨਿਗਮ ਦੇ ਦਫ਼ਤਰ ਵਿੱਚ ਰੋਜ਼ਾਨਾ ਵਾਂਗ ਸਰਕਾਰੀ ਕੰਮਕਾਜ ਜਾਰੀ ਰਿਹਾ ਅਤੇ ਕਿਸੇ ਵੀ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਜਾਰੀ ਹੈ ਅਤੇ ਹਰ ਪੱਖ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸੰਵੇਦਨਸ਼ੀਲ ਥਾਵਾਂ ‘ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਸਤੂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
Share this content:



Post Comment