ਪੈਰੋਲ ਦੌਰਾਨ ਫ਼ਰਾਰ ਹੋਣ ਵਾਲੇ ਕੈਦੀਆਂ ’ਚ ਪੰਜਾਬ ਮੋਹਰੀ
ਪੰਜਾਬ ਦੇ ਕੈਦੀਆਂ ਨੇ ਦੇਸ਼ ਭਰ ’ਚੋਂ ਝੰਡੀ ਲਈ ਹੈ। ਇਨ੍ਹਾਂ ਕੈਦੀਆਂ ਨੂੰ ਜੁਰਮ ਤੋਂ ਨਹੀਂ, ਸਜ਼ਾ ਤੋਂ ਡਰ ਲੱਗਦਾ ਹੈ। ਪੰਜਾਬ ਦੀਆਂ ਜੇਲ੍ਹਾਂ ’ਚੋਂ 154 ਕੈਦੀ ਪੈਰੋਲ ਕੱਟਣ ਗਏ ਫ਼ਰਾਰ ਹੋ ਗਏ; 9 ਕੈਦੀ ਹਸਪਤਾਲ ’ਚੋਂ ਭੱਜਣ ਵਿੱਚ ਕਾਮਯਾਬ ਰਹੇ ਹਾਲਾਂਕਿ ਇਨ੍ਹਾਂ ’ਚੋਂ ਪੰਜ ਨੂੰ ਮੁੜ ਦਬੋਚ ਲਿਆ ਗਿਆ। ਅੱਧੀ ਦਰਜਨ ਕੈਦਣਾਂ ਵੀ ਪੈਰੋਲ ’ਤੇ ਗਈਆਂ ਵਾਪਸ ਨਹੀਂ ਮੁੜੀਆਂ। ਕੌਮੀ ਜੇਲ੍ਹ ਸੂਚਨਾ ਪੋਰਟਲ ਦੇ ਅੱਜ ਦੇ ਅੰਕੜੇ ਮੁਤਾਬਕ ਦੇਸ਼ ’ਚੋਂ ਦੂਜੇ ਨੰਬਰ ’ਤੇ ਗੁਜਰਾਤ ਹੈ ਜਿੱਥੋਂ ਦੀਆਂ ਜੇਲ੍ਹਾਂ ਵਿੱਚ ਪੈਰੋਲ ’ਤੇ ਗਏ 87 ਕੈਦੀ ਭਗੌੜੇ ਹੋ ਗਏ; ਮਹਾਰਾਸ਼ਟਰ 85 ਕੈਦੀਆਂ ਨਾਲ ਇਸ ਸੂਚੀ ਵਿਚ ਤੀਜੀ ਥਾਵੇਂ ਹੈ।
ਜੇਲ੍ਹ ਨਿਯਮਾਂ ਅਨੁਸਾਰ ਕੈਦੀ ਚਾਰ ਮਹੀਨੇ ਦੀ ਸਜ਼ਾ ਮਗਰੋਂ ਪੈਰੋਲ ਲੈਣ ਦੇ ਯੋਗ ਹੋ ਜਾਂਦਾ ਹੈ ਅਤੇ ਇੱਕ ਸਾਲ ’ਚ ਦੋ ਵਾਰ 56-56 ਦਿਨਾਂ ਦੀ ਪੈਰੋਲ ਲੈਣ ਦਾ ਹੱਕਦਾਰ ਹੈ। ਜੇਲ੍ਹ ਪ੍ਰਸ਼ਾਸਨ ਕੈਦੀ ਦੀ ਪਹਿਲੀ ਪੈਰੋਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਲੀਨ ਚਿੱਟ ਲੈਂਦਾ ਹੈ। ਜਦੋਂ ਪੈਰੋਲ ਤੋਂ ਕੈਦੀ ਭਗੌੜਾ ਹੋ ਜਾਂਦਾ ਹੈ ਤਾਂ ਉਸ ਦੀ ਜ਼ਮਾਨਤ ਜ਼ਬਤ ਕਰਨ ਦਾ ਅਮਲ ਸ਼ੁਰੂ ਹੁੰਦਾ ਹੈ ਅਤੇ ਪੁਲੀਸ ਨੂੰ ਸੂਚਨਾ ਭੇਜੀ ਜਾਂਦੀ ਹੈ। ਪੰਜਾਬ ਦੀਆਂ ਜੇਲ੍ਹਾਂ ’ਚ ਇਸ ਵੇਲੇ 36,268 ਬੰਦੀ ਹਨ ਜਿਨ੍ਹਾਂ ’ਚ 6358 ਕੈਦੀ ਹਨ। ਕਿਸੇ ਕੈਦੀ ਦੇ ਪੈਰੋਲ ਤੋਂ ਵਾਪਸ ਮੁੜਨ ’ਚ ਦੇਰੀ ਬਾਰੇ ਜੇਲ੍ਹ ਸੁਪਰਡੈਂਟ ਅਗਲਾ ਫ਼ੈਸਲਾ ਕਰਦਾ ਹੈ।
ਕੌਮੀ ਪੋਰਟਲ ਅਨੁਸਾਰ ਪੈਰੋਲ ਤੋਂ ਫ਼ਰਾਰ ਹੋਣ ਵਾਲੇ ਹਰਿਆਣਾ ਦੇ 58 ਕੈਦੀ, ਮੱਧ ਪ੍ਰਦੇਸ਼ ਦੇ 38 ਕੈਦੀ, ਤਾਮਿਲ ਨਾਡੂ ਦੇ ਪੰਜ, ਬਿਹਾਰ ਦੇ 31, ਛੱਤੀਸਗੜ੍ਹ ਦੇ 25, ਅਸਾਮ ਦੇ 58, ਰਾਜਸਥਾਨ ਦੇ ਛੇ, ਕਰਨਾਟਕ ਦੇ 10 ਅਤੇ ਪੱਛਮੀ ਬੰਗਾਲ ਦੇ 36 ਕੈਦੀ ਹਨ। ਕਪੂਰਥਲਾ ਜੇਲ੍ਹ ਦੇ ਸੱਤ ਕੈਦੀ ਵੱਖ ਵੱਖ ਸਮਿਆਂ ’ਤੇ ਜੇਲ੍ਹ ’ਚੋਂ ਇਲਾਜ ਲਈ ਹਸਪਤਾਲ ਗਏ ਤੇ ਉੱਥੋਂ ਫ਼ਰਾਰ ਹੋ ਗਏ। ਇਨ੍ਹਾਂ ’ਚੋਂ ਚਾਰ ਕੈਦੀ ਤਾਂ ਪੁਲੀਸ ਨੇ ਮੁੜ ਫੜ ਲਏ। ਗੁਰਦਾਸਪੁਰ ਜੇਲ੍ਹ ਦਾ ਇੱਕ ਕੈਦੀ ਹਸਪਤਾਲ ’ਚੋਂ ਫ਼ਰਾਰ ਹੋਇਆ ਸੀ ਜਿਸ ਨੂੰ ਮੁੜ ਫੜ ਲਿਆ ਗਿਆ।
Share this content:


Post Comment