ਪ੍ਰਿਯੰਕਾ ਵੱਲੋਂ ਅਸਾਮ ਦੀ ਭਾਜਪਾ ਸਰਕਾਰ ਖ਼ਿਲਾਫ਼ ‘ਚਾਰਜਸ਼ੀਟ’ ਜਾਰੀ
ਨਵੀਂ ਦਿੱਲੀ, 20 ਫਰਵਰੀ – ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਗੁਹਾਟੀ ਵਿੱਚ ਭਾਜਪਾ ਦੀ ਅਗਵਾਈ ਵਾਲੀ ਅਸਾਮ ਸਰਕਾਰ ਖ਼ਿਲਾਫ਼ 20 ਨੁਕਾਤੀ ‘ਚਾਰਜਸ਼ੀਟ’ ਜਾਰੀ ਕੀਤੀ, ਜਿਸ ਵਿੱਚ ਸੂਬਾ ਸਰਕਾਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਅਤੇ ਘੱਟਗਿਣਤੀਆਂ ’ਚ ਖੌਫ਼ ਪੈਦਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਦੋਸ਼ ਲਾਇਆ ਗਿਆ ਹੈ। ਵਿਰੋਧੀ ਧਿਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ‘ਚਾਰਜਸ਼ੀਟ’ ਜਾਰੀ ਕੀਤੀ ਹੈ। ਭਾਜਪਾ ਦੇ ਬੁਲਾਰੇ ਨੇ ਇਨ੍ਹਾਂ ਦੋਸ਼ਾਂ ਨੂੰ ‘ਸਿੱਧਾ ਝੂਠ ਅਤੇ ਬੇਬੁਨਿਆਦ’ ਕਰਾਰ ਦਿੱਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਦਹਾਕੇ ਦੇ ਸ਼ਾਸਨਕਾਲ ਦੇ ਬਾਵਜੂਦ ਭਾਜਪਾ ਸਰਕਾਰ ਛੇ ਕਬੀਲਿਆਂ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦਿਵਾਉਣ ਅਤੇ ਚਾਹ ਬਾਗਾਂ ਦੇ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 350 ਰੁਪਏ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ’ਚ ਅਸਫ਼ਲ ਰਹੀ।
ਅਸਾਮ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਚੋਣ ਕਮੇਟੀ ਦੇ ਚੇਅਰਮੈਨ ਪ੍ਰਿਯੰਕਾ ਗਾਂਧੀ ਵਾਡਰਾ ਅਸਾਮ ਦੇ ਦੋ ਰੋਜ਼ਾ ਦੌਰੇ ’ਤੇ ਹਨ। ਇਸ ਦੌਰਾਨ ਉਹ ਸੂਬਾ ਵਿਧਾਨ ਸਭਾ ਚੋਣਾਂ ’ਚ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਕਈ ਮੀਟਿੰਗਾਂ ਕਰੇਗੀ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਗੌਰਵ ਗੋਗੋਈ, ਏ ਆਈ ਸੀ ਸੀ ਦੇ ਜਨਰਲ ਸਕੱਤਰ ਅਤੇ ਅਸਾਮ ਦੇ ਇੰਚਾਰਜ ਜਿਤੇਂਦਰ ਸਿੰਘ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਮੌਜੂਦ ਸਨ।
Share this content:



Post Comment