ਪੰਜਾਬੀ ਜ਼ੁਬਾਨ ਦੇ ਸਰੋਕਾਰਾਂ ਲਈ ਬਜਟ ’ਚ ਫੰਡ ਰੱਖਣ ਦੀ ਅਪੀਲ
ਜਲੰਧਰ, 11 ਮਾਰਚ – ਪੰਜਾਬ ਚੇਤਨਾ ਮੰਚ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਪੰਜਾਬੀ ਜ਼ੁਬਾਨ ਦੇ ਸਰੋਕਾਰਾਂ ਲਈ ਬਜਟ ਵਿੱਚ ਫੰਡ ਰੱਖਣ ਦੀ ਅਪੀਲ ਕੀਤੀ ਹੈ। ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ ਜਥੇਬੰਦਕ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੇ ਪੰਜਵੇਂ ਬਜਟ ਵਿੱਚ ਹਰੇਕ ਵਰਗ ਦਾ ਧਿਆਨ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਨਵੰਬਰ 1966 ਨੂੰ ਪੰਜਾਬੀਆਂ ਦੇ ਲੰਮੇ ਇਤਿਹਾਸਕ ਘੋਲ ਮਗਰੋਂ ਪੰਜਾਬੀ ਸੂਬਾ ਹੋਂਦ ’ਚ ਆਇਆ ਸੀ। ਪੰਜਾਬ ਦੀਆਂ ਬਹੁਤੀਆਂ ਸਰਕਾਰਾਂ ਨੇ ਮਾਂ-ਬੋਲੀ ਪੰਜਾਬੀ, ਪੰਜਾਬੀ ਸਾਹਿਤ ਤੇ ਪੰਜਾਬੀ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਕਾਰਗਰ ਨੀਤੀ ਨਹੀਂ ਬਣਾਈ ਤੇ ਨਾ ਹੀ ਢੁਕਵੇਂ ਵਿੱਤੀ ਸਾਧਨ ਮੁਹੱਈਆ ਕੀਤੇ। ‘ਆਪ’ ਤੋਂ ਪੰਜਾਬੀ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਵੱਡੀਆਂ ਆਸਾਂ ਸਨ। ਸੂਬਾ ਸਰਕਾਰ ਦੇ ਪਿਛਲੇ ਚਾਰ ਬਜਟਾਂ ਵਿੱਚ ਪੰਜਾਬੀ ਬੋਲੀ, ਪੰਜਾਬੀ ਸਾਹਿਤ ਤੇ ਪੰਜਾਬੀ ਸੱਭਿਆਚਾਰ ਦੇ ਸਰੋਕਾਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਬਜਟ ਵਿੱਚ ਰਹਿ ਗਈ ਤਰੁੱਟੀ ਨੂੰ ਦੂਰ ਕਰ ਕੇ ਪੰਜਾਬੀ ਜ਼ੁਬਾਨ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਅਤੇ ਵਿਕਾਸ ਲਈ ਤੁਰੰਤ ਲੋੜੀਂਦੇ ਫੰਡਾਂ ਦਾ ਪ੍ਰਬੰਧ ਕੀਤਾ ਜਾਵੇ।
Share this content:



Post Comment