ਮੋਗਾ। ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੋਗਾ ਦੀ ਮਹਾਂ ਰੈਲੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਦੇ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਕਰਵਾਈ ਗਈ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਕਿ ਪੰਜਾਬ ਵਿੱਚ ਸ਼ੁਰੂ ਹੋਈਆਂ ਸਾਰੀਆਂ ਯੋਜਨਾਵਾਂ ਤਾਂ ਹੀ ਚਾਲੂ ਰਹਿਣਗੀਆਂ, ਜੇਕਰ ਭਗਵੰਤ ਮਾਨ ਨੂੰ ਮੁੜ ਤੋਂ ਮੁੱਖ ਮੰਤਰੀ ਬਣਾਇਆ ਜਾਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸਾਰੀਆਂ ਯੋਜਨਾਵਾਂ ਨੂੰ ਬੰਦ ਕਰਨ ਦੀ ਗੱਲ ਕਹਿ ਚੁੱਕੀਆਂ ਹਨ। ਉਨ੍ਹਾਂ ਇਸ ਦੌਰਾਨ ਪੰਜਾਬ ਸਰਕਾਰ ਦੇ ਕੰਮਾਂ ਨੂੰ ਵੀ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਕੰਮ ਨੂੰ ਰੋਕਣ ਲਈ ਰੁਕਾਵਟਾਂ ਪੈਦਾ ਕੀਤੀਆਂ। ਮੋਦੀ ਸਰਕਾਰ ਨੇ ਅਦਾਲਤੀ ਕਾਰਵਾਈ ਦਾ ਵੀ ਸਹਾਰਾ ਲਿਆ ਪਰ ਆਮ ਆਦਮੀ ਪਾਰਟੀ ਪਿੱਛੇ ਨਹੀਂ ਹਟੀ।
ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮਹਿੰਗਾਈ ਇੰਨੀ ਵਧਾ ਦਿੱਤੀ ਹੈ ਕਿ ਆਮ ਲੋਕਾਂ ਲਈ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਅਜਿਹੇ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ। ਔਰਤਾਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖ਼ਰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਬਣਨ ਦੇ ਨਾਲ ਹੀ ਔਰਤਾਂ ਨੂੰ ਇਹ ਸਹਾਇਤਾ ਦੇਣਾ ਚਾਹੁੰਦੇ ਸਨ ਪਰ ਪਿਛਲੀਆਂ ਸਰਕਾਰਾਂ ਸਰਕਾਰੀ ਖ਼ਜ਼ਾਨਾ ਖ਼ਾਲੀ ਕਰਕੇ ਚਲੀਆਂ ਗਈਆਂ ਸਨ। ਉਨ੍ਹਾਂ ਦੀ ਸਰਕਾਰ ਨੇ ਮਿਹਨਤ ਕਰਕੇ ਖ਼ਜ਼ਾਨਾ ਭਰਿਆ ਅਤੇ ਹੁਣ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਪਿਛਲੀਆਂ ਸਰਕਾਰਾਂ ‘ਤੇ ਖ਼ਜ਼ਾਨਾ ਲੁੱਟਣ ਦਾ ਦੋਸ਼
ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁੱਟਿਆ ਅਤੇ ਸਵਿਟਜ਼ਰਲੈਂਡ ਵਿੱਚ ਖਾਤੇ ਖੁੱਲ੍ਹਵਾਏ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਤਾਂ ਸਰਕਾਰੀ ਖ਼ਜ਼ਾਨੇ ਦੀ ਹਾਲਤ ਠੀਕ ਨਹੀਂ ਸੀ। ਇਸ ਨੂੰ ਮੁੜ ਮਜ਼ਬੂਤ ਕਰਨ ਵਿੱਚ ਸਮਾਂ ਲੱਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਸ਼ੁਰੂ ਕਰਨ ਵਿੱਚ ਦੇਰੀ ਦਾ ਇੱਕ ਵੱਡਾ ਕਾਰਨ ਇਹੀ ਰਿਹਾ।
ਸੰਵਿਧਾਨ ਦੀ ਰੱਖਿਆ ‘ਆਪ’ ਦੀ ਜ਼ਿੰਮੇਵਾਰੀ
ਸੰਵਿਧਾਨ ਦਿਵਸ ਅਤੇ ਪਾਰਟੀ ਦੇ ਸਥਾਪਨਾ ਦਿਵਸ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ 1949 ਨੂੰ ਦੇਸ਼ ਦੇ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਇਸੇ ਤਾਰੀਖ਼ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਵੀ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਉੱਪਰ ਵਾਲੇ ਦੀ ਇੱਛਾ ਅਤੇ ਇੱਕ ਸੰਕੇਤ ਹੈ ਕਿ ਜਿਸ ਸਮੇਂ ਸੰਵਿਧਾਨ ਦਾ ਅਪਮਾਨ ਕੀਤਾ ਜਾ ਰਿਹਾ ਹੈ, ਉਸ ਸਮੇਂ ਇਸ ਦੀ ਰੱਖਿਆ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਹੁਣ ਸੰਵਿਧਾਨ ਨੂੰ ਬਚਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਦੀ ਹੈ। ਕੇਜਰੀਵਾਲ ਨੇ ਰੈਲੀ ਵਿੱਚ ਉਮੜੀ ਭੀੜ ਨੂੰ ਲੈ ਕੇ ਦਾਅਵਾ ਕੀਤਾ ਕਿ ਸਾਹਮਣੇ ਦੋ ਲੱਖ ਤੋਂ ਵੱਧ ਲੋਕ ਮੌਜੂਦ ਹਨ ਅਤੇ ਲਗਾਤਾਰ ਲੋਕ ਪਹੁੰਚ ਰਹੇ ਹਨ। ਉਨ੍ਹਾਂ ਮੁਤਾਬਕ ਪੰਜਾਬ ਦੇ ਇਤਿਹਾਸ ਵਿੱਚ ਇੰਨੀ ਵੱਡੀ ਰੈਲੀ ਸ਼ਾਇਦ ਪਹਿਲਾਂ ਕਦੇ ਨਹੀਂ ਹੋਈ ਹੋਵੇਗੀ।
ਪੰਜਾਬ ਸਰਕਾਰ ਦੇ ਕੰਮਕਾਜ ਦਾ ਕੀਤਾ ਜ਼ਿਕਰ
ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਨੂੰ ਕਈ ਗਾਰੰਟੀਆਂ ਦਿੱਤੀਆਂ ਗਈਆਂ ਸਨ। ਇਨ੍ਹਾਂ ਨੂੰ ਕੇਜਰੀਵਾਲ ਦੀਆਂ ਗਾਰੰਟੀਆਂ ਕਿਹਾ ਜਾਂਦਾ ਸੀ ਪਰ ਇਹ ਸਿਰਫ਼ ਚੋਣ ਵਾਅਦੇ ਨਹੀਂ ਸਨ।
Post Comment