Loading Now

ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਇਜਲਾਸ ਅੱਜ ਤੋਂ,

ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਇਜਲਾਸ ਅੱਜ ਤੋਂ,

ਚੰਡੀਗੜ੍ਹ – 22 ਅਕਤੂਬਰ ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੇ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਧਾਨ ਸਭਾ ਦਾ ਇਜਲਾਸ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸਮੁੱਚੇ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਰੌਲਾ ਪਿਆ ਹੋਇਆ ਹੈ। ਇਨ੍ਹਾਂ ਮੁੱਦਿਆਂ ’ਤੇ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਟਕਰਾਅ ਵੀ ਸਿਖਰ ’ਤੇ ਹੈ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਲਈ ਮਾਨਸਾ ਵਿੱਚ ਲੋਕ ਸੜਕਾਂ ’ਤੇ ਹਨ। ਇਜਲਾਸ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ ਅਤੇ 27 ਅਕਤੂਬਰ ਤੱਕ ਚੱਲੇਗਾ। ਹਾਕਮ ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮਤਾ ਵੀ ਲਿਆਉਣ ਦੀ ਤਿਆਰੀ ਵਿੱਚ ਹੈ। ਇਸ ਮਤੇ ਰਾਹੀਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ। ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਔਰਤਾਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਵੀ ਕਰ ਸਕਦੀ ਹੈ।

ਦੂਜੇ ਪਾਸੇ, ਵਿਰੋਧੀ ਧਿਰ ਵੱਲੋਂ ਇਸ ਇਜਲਾਸ ’ਚ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਰੋਕਣ ਵਿੱਚ ਨਾਕਾਮੀ, ਕਾਨੂੰਨ ਵਿਵਸਥਾ ਦਾ ਮੁੱਦਾ, ਭ੍ਰਿਸ਼ਟਾਚਾਰ ਤੋਂ ਇਲਾਵਾ ਨਸ਼ਾ ਵਿਰੋਧੀ ਕਾਰਕੁਨਾਂ ਦੇ ਕਤਲਾਂ ਦੇ ਮੁੱਦੇ ’ਤੇ ਸੱਤਾਧਾਰੀ ਧਿਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੇ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ’ਤੇ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਵਿਰੋਧੀ ਧਿਰ ਭਲਕੇ ਹਮਲਾਵਰ ਰੁਖ਼ ’ਚ ਨਜ਼ਰ ਆਵੇਗੀ।

Share this content:

Post Comment