ਪੰਜਾਬ ਵਿੱਚ ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, 16 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ
ਚੰਡੀਗੜ੍ਹ, 14 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਬਦਲਾਅ ਆ ਰਿਹਾ ਹੈ। ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਨਾਲੋਂ 5.9 ਡਿਗਰੀ ਉੱਪਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿਖੇ 14.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿੱਚ ਤਬਦੀਲੀ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਢ ਵਧਣ ਦੀ ਸੰਭਾਵਨਾ ਹੈ।
ਪਹਾੜੀ ਇਲਾਕਿਆਂ ਵਿਚ ਇਕ ਸਰਗਰਮ ‘ਪੱਛਮੀ ਗੜਬੜੀ’ ਦੇ ਚੱਲਦਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਇਸੇ ਅਰਸੇ ਦੌਰਾਨ ਪਟਿਆਲਾ ਵਿੱਚ ਕੋਈ ਬਾਰਿਸ਼ ਨਹੀਂ ਹੋਈ।
ਮੌਸਮ ਵਿਭਾਗ ਅਨੁਸਾਰ, ਮੌਜੂਦਾ ਪੱਛਮੀ ਗੜਬੜੀ ਸਮੁੰਦਰੀ ਤਲ ਤੋਂ ਲਗਭਗ 5.8 ਕਿਲੋਮੀਟਰ ਦੀ ਉਚਾਈ ‘ਤੇ, ਵਾਯੂਮੰਡਲ ਦੀ ਵਿਚਕਾਰਲੀ ਪਰਤ ਵਿਚ ਇਕ ‘ਟਰਫ’ ਵਜੋਂ ਸਰਗਰਮ ਹੈ। ਇਸ ਤੋਂ ਇਲਾਵਾ, 15 ਨਵੰਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਪੰਜਾਬ ਵਿਚ 15 ਨਵੰਬਰ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ‘ਟ੍ਰਾਈਸਿਟੀ’ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਲਈ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ, 14 ਨਵੰਬਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 30°C ਅਤੇ ਘੱਟੋ-ਘੱਟ ਤਾਪਮਾਨ 14°C ਰਹਿਣ ਦੀ ਸੰਭਾਵਨਾ ਹੈ। 15 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 27°C ਅਤੇ ਘੱਟੋ-ਘੱਟ ਤਾਪਮਾਨ 12°C ਰਹਿ ਸਕਦਾ ਹੈ। ਇਸ ਤੋਂ ਬਾਅਦ, ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। 16 ਤੋਂ 18 ਨਵੰਬਰ ਦੇ ਵਿਚਕਾਰ ਇਹ 10°C ਤੋਂ 11°C ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਠੰਢ ਵਧ ਜਾਵੇਗੀ।
Share this content:



Post Comment