ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇਕ-ਮੁਸ਼ਤ ਨਿਪਟਾਰਾ ਸਕੀਮ ਲਾਹੇਵੰਦ – ਜ਼ਿਲ੍ਹਾ ਮੈਨੇਜ਼ਰ ਪਨਸਪ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ।
ਇਸ ਸਕੀਮ ਤਹਿਤ ਮੈਸ: ਗੋਇਲ ਰਾਈਸ ਐਂਡ ਜਨਰਲ ਮਿਲ ਜੈਤੋਂ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ। ਅੱਜ ਪਨਸਪ ਜਿਲ੍ਹਾ ਮੈਨੇਜਰ ਵਿਜੇ ਕੁਮਾਰ ਵੱਲੋਂ ਮੈਸ. ਗੋਇਲ ਰਾਈਸ ਐਂਡ ਜਨਰਲ ਮਿਲ ਜੈਤੋਂ ਦੇ ਮਾਲਕਾਂ/ ਹਿਸੇਦਾਰਾਂ ਨੂੰ ਅੱਜ ‘ਕੋਈ ਬਕਾਇਆ ਨਹੀਂ‘ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ। ਇਸ ਮਿੱਲ ਦਾ ਕੇਸ ਲਗਭਗ 30 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ। ਹੁਣ ਇਸ ਮਿੱਲ ਨੂੰ ਡਿਫਾਲਟਰਾਂ ਦੀ ਸੂਚੀ ਵਿੱਚੋਂ ਹਟਾ ਲਿਆ ਜਾਵੇਗਾ ਅਤੇ ਇਹ ਸਰਕਾਰੀ ਝੋਨੇ ਦੀ ਮਿਲਿੰਗ ਲਈ ਯੋਗ ਹੋਵੇਗੀ। ਇਨ੍ਹਾਂ ਵੱਲੋਂ ਕੁੱਲ 3,97,952 ਰਕਮ ਦੀ ਅਦਾਇਗੀ ਕੀਤੀ ਗਈ ਹੈ, ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾ ਕਰਵਾ ਦਿੱਤੀ ਜਾਵੇਗੀ।
ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਪ੍ਰਦੀਪ ਭੂਸ਼ਣ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਦੇ ਦੌਰਾਨ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ। ਜ਼ਿਲ੍ਹਾ ਮੈਨੇਜਰ ਵਿਜੇ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkhand.in ‘ਤੇ Anaaj Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜ਼ਿਲ੍ਹਾ ਦਫਤਰਾਂ ਜਾ ਪਨਸਪ ਮੁੱਖ ਦਫਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Share this content:



Post Comment