Loading Now

ਫਸਲੀ ਕਰਜ਼ੇ ਦੀ ਹੱਦ ਵਧਾਈ

ਫਸਲੀ ਕਰਜ਼ੇ ਦੀ ਹੱਦ ਵਧਾਈ

ਚੰਡੀਗੜ੍ਹ, 3 ਜੂਨ – ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਹਿਕਾਰੀ ਬੈਂਕਾਂ ਦੀ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ ‘ਚ ਨਵੇਂ ਸੁਧਾਰ ਕੀਤੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਨਵੀਂ ਵਿਵਸਥਾ ‘ਚ ਜਿੱਥੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਦੀ ਸੀਮਾ ‘ਚ ਵਾਧਾ ਕੀਤਾ ਹੈ, ਉੱਥੇ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ‘ਚ ਲਿਆਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਨ੍ਹਾਂ ਸੁਧਾਰਾਂ ਬਾਰੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਲਈ ਕਣਕ ਲਈ ਫ਼ਸਲੀ ਕਰਜ਼ ਸੀਮਾ (ਤੇਲ ਤੇ ਖਾਦ ਆਦਿ ਲਈ) 24,380 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ। ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਦੋ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਗੰਨੇ ਦੀ ਕਾਸ਼ਤ ਲਈ ਫ਼ਸਲੀ ਕਰਜ਼ਾ ਸੀਮਾ 44 ਹਜ਼ਾਰ ਤੋਂ ਵਧਾ ਕੇ ਇੱਕ ਲੱਖ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ।

ਨੌਂ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ‘ਚ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ‘ਚ ਫਲ ਤੇ ਸਬਜ਼ੀਆਂ ਵੀ ਸ਼ਾਮਲ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਡਿਫਾਲਟਰ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਨੂੰ ਲੈ ਕੇ ਕਈ ਛੋਟਾਂ ਦਿੱਤੀਆਂ ਜਾਣਗੀਆਂ। ਉਨ੍ਹਾ ਦੱਸਿਆ ਕਿ ਇਸ ਨਾਲ ਸਹਿਕਾਰੀ ਬੈਂਕਾਂ ‘ਤੇ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ। ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਸਹਿਕਾਰੀ ਬੈਂਕਾਂ ‘ਚ ਖੁਲ੍ਹਵਾਉਣ, ਕਿਉਂਕਿ ਸਭ ਤੋਂ ਘੱਟ ਵਿਆਜ 7 ਫ਼ੀਸਦੀ ਸਹਿਕਾਰੀ ਬੈਂਕਾਂ ਦਾ ਹੈ। ਮੁੱਖ ਮੰਤਰੀ ਨੇ ਬੈਂਕਾਂ ਵੱਲੋਂ ਸਕਿਉਰਿਟੀ ਵਜੋਂ ਕਿਸਾਨਾਂ ਦੇ ਖ਼ਾਲੀ ਚੈੱਕ ਲੈਣ ਦੇ ਰੁਝਾਨ ਦੇ ਖ਼ਾਤਮੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਇੱਕ ਹਜ਼ਾਰ ਤੇ ਪੰਦਰਾਂ ਸੌ ਰੁਪਏ ਮਾਣ ਭੱਤਾ ਪਹਿਲੀ ਜੁਲਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਹੁਣ ਤੱਕ 36 ਲੱਖ ਔਰਤਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਇਸ ਮਹੀਨੇ ‘ਚ ਰਜਿਸਟਰੇਸ਼ਨ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ।

Share this content:

Post Comment