Loading Now

ਫਿਰੋਜ਼ਪੁਰ ‘ਚ 15 ਅਗਸਤ ਨੂੰ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ

ਫਿਰੋਜ਼ਪੁਰ ‘ਚ 15 ਅਗਸਤ ਨੂੰ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ

IMG-20260802-WA0018 ਫਿਰੋਜ਼ਪੁਰ 'ਚ 15 ਅਗਸਤ ਨੂੰ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ
15 ਅਗਸਤ ਦੇ ਵਿਰੋਧ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂ।
*2022 ਦਾ ਚੋਣ ਮਨੋਰਥ ਪੱਤਰ ਫੂਕ ਕੇ ਵੱਡੇ ਪ੍ਰਦਰਸ਼ਨ ਦਾ ਐਲਾਨ
ਫ਼ਿਰੋਜ਼ਪੁਰ, 3 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸੂਬੇ ਭਰ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਲੜੀ ਵਿਚ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵੱਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਅਤੇ ਤਿੱਖਾ ਰੋਸ ਪ੍ਰਦਰਸ਼ਨ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਐਕਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਨੂੰ ਫੂਕ ਕੇ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਰੋਸ ਜਤਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਹੋਰ ਵੀ ਕਈ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ। ਐਸੋਸੀਏਸ਼ਨ ਦੇ ਅਹੁਦੇਦਾਰਾਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ, ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ, ਵਿਸ਼ਾਲ ਚਲਾਣਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ 21 ਸਾਲ ਪਹਿਲਾਂ ਹੋਈ ਸੀ ਅਤੇ 2011 ਵਿੱਚ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ। ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਅਤੇ ਲਾਭਾਂ ‘ਤੇ ਵੱਡਾ ਡਾਕਾ ਮਾਰਿਆ ਹੈ।
ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪ੍ਰਧਾਨ ਅਮਨ ਅਰੋੜਾ, ਦੇ ਨਾਲ਼ ਹੋਈਆਂ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਹੋਈਆਂ ਦਰਜਣਾ ਮੀਟਿੰਗ ਦਾ ਨਤੀਜਾ ‘ਢੱਕ ਦੇ ਤਿੰਨ ਪੱਤ’ ਵਾਲ਼ਾ ਹੀ ਰਿਹਾ ਹੈ। ਸਾਰੇ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਦਿੱਤਾ ਗਿਆ ਜੋ ਕਿ ਕੰਪਿਊਟਰ ਅਧਿਆਪਕਾਂ ਦੇ ਨਾਲ ਧੋਖਾ ਹੈ। ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ ਅਤੇ 6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਕੰਪਿਊਟਰ ਅਧਿਆਪਕਾਂ  ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਣ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਨਾਲ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ, ਤਾਂ ਜਲਦ ਹੀ ਉਨ੍ਹਾਂ ਦਾ ਇਹ ਸੰਘਰਸ਼ ਸੰਗਰੂਰ ਦੀਆਂ ਸੜਕਾਂ ‘ਤੇ ਇੱਕ ਵੱਡੇ ਅੰਦੋਲਨ ਦਾ ਰੂਪ ਲਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

Share this content:

Previous post

ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

Next post

ਕੇੰਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ – ਐਡਵੋਕੇਟ ਧਾਮੀ

Post Comment