Loading Now

ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਾ ਦੇਣ ਦੇ ਹੁਕਮ

ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਾ ਦੇਣ ਦੇ ਹੁਕਮ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੇ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸ਼ਹਿਰ ਦੀ ਹੱਦ ਅੰਦਰ ਆਉਂਦੇ ਸਮੂਹ ਪੈਟਰੋਲ ਪੰਪਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਾ ਦਿੱਤਾ ਜਾਵੇ।

ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਗਏ ਹਨ। ਆਦੇਸ਼ ਵਿੱਚ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ ਐੱਨ ਜੀ ਸਟੇਸ਼ਨਾਂ ਦੇ ਮਾਲਕਾਂ, ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਵਾਹਨਾਂ ਦੀਆਂ ਨੰਬਰ ਪਲੇਟਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਜਾਰੀ ਕੀਤੇ ਗਏ ਆਦੇਸ਼ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨਾਂ ’ਤੇ ਅੱਗੇ ਅਤੇ ਪਿੱਛੇ ਵੈਧ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਸਹੀ ਢੰਗ ਨਾਲ ਨਹੀਂ ਲੱਗੀ ਹੋਵੇਗੀ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਜਾਂ ਸੀ ਐੱਨ ਜੀ ਨਹੀਂ ਦਿੱਤੀ ਜਾਵੇਗੀ। ਇਹ ਪਾਬੰਦੀ ਉਨ੍ਹਾਂ ਵਾਹਨਾਂ ’ਤੇ ਵੀ ਲਾਗੂ ਹੋਵੇਗੀ ਜਿਨ੍ਹਾਂ ਦੀ ਨੰਬਰ ਪਲੇਟ ਹਟਾਈ ਗਈ ਹੈ, ਨੁਕਸਾਨੀ ਹੋਈ ਹੈ, ਟੁੱਟੀ ਹੋਈ ਹੈ, ਬਦਲੀ ਜਾਂ ਕਿਸੇ ਹੋਰ ਤਰੀਕੇ ਨਾਲ ਸੋਧੀ ਗਈ ਹੈ।

ਆਦੇਸ਼ ਵਿੱਚ ਨਵੇਂ ਵਾਹਨਾਂ ’ਤੇ ਵੈਧ ਰਜਿਸਟ੍ਰੇਸ਼ਨ ਨੰਬਰ ਜਾਂ ਵੈਧ ਅਸਥਾਈ ਰਜਿਸਟ੍ਰੇਸ਼ਨ ਨੰਬਰ ਹੋਣ ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਪੈਟਰੋਲ ਪੰਪ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਪੈਟਰੋਲ ਪੰਪ/ਸੀ ਐੱਨ ਜੀ ਸਟੇਸ਼ਨਾਂ ਦੇ ਪ੍ਰਵੇਸ਼ ਦੁਆਰ ਨੇੜੇ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਘੱਟੋ-ਘੱਟ 3×3 ਫੁੱਟ ਦਾ ਸੂਚਨਾ ਬੋਰਡ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਸਾਰੇ ਪੰਪਾਂ ਦੇ ਸੀ ਸੀ ਟੀ ਵੀ ਕੈਮਰੇ ਚਾਲੂ ਰੱਖਣ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀ ਰਿਕਾਰਡਿੰਗ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਰਿਕਾਰਡ ਕੀਤੀ ਫੁਟੇਜ ਘੱਟੋ-ਘੱਟ 30 ਦਿਨਾਂ ਲਈ ਸੰਭਾਲ ਕੇ ਰੱਖਣੀ ਹੋਵੇਗੀ।

ਜੇਕਰ ਨੰਬਰ ਪਲੇਟ ਨਾ ਹੋਣ ਕਾਰਨ ਕਿਸੇ ਵਾਹਨ ਨੂੰ ਇੰਧਨ ਦੇਣ ਤੋਂ ਇਨਕਾਰ ਕਰਨ ’ਤੇ ਕੋਈ ਵਿਅਕਤੀ ਹੰਗਾਮਾ ਜਾਂ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਪੈਟਰੋਲ ਪੰਪ ਆਪਰੇਟਰ ਵੱਲੋਂ ਤੁਰੰਤ ਨਜ਼ਦੀਕੀ ਪੁਲੀਸ ਸਟੇਸ਼ਨ ਜਾਂ 112 ’ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ।

ਉਨ੍ਹਾਂ ਸਪਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ, ਡਰਾਈਵਰਾਂ ਜਾਂ ਪੈਟਰੋਲ ਪੰਪ ਦੇ ਮਾਲਕਾਂ/ਕਰਮਚਾਰੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਮੋਟਰ ਵਹੀਕਲਜ਼ ਐਕਟ, 1988 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 20 ਨਵੰਬਰ ਤੱਕ ਲਾਗੂ ਰਹਿਣਗੇ।

Share this content:

Post Comment