ਬੀਬੀ ਜਗੀਰ ਕੌਰ ਚਾਰ ਸਾਲਾਂ ਬਾਅਦ ਅਕਾਲੀ ਦਲ ’ਚ ਵਾਪਸੀ ਕਰਨਗੇ
ਜਲੰਧਰ, 10 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਲਗਪਗ ਚਾਰ ਸਾਲਾਂ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ 13 ਨਵੰਬਰ ਨੂੰ ਬੇਗੋਵਾਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਵਾਪਸੀ ਕਰਨਗੇ। ਬੀਬੀ ਜਗੀਰ ਕੌਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਕਾਲੀ ਦਲ ਵਿੱਚ ਸੁਧਾਰ ਪਾਰਟੀ ਦੇ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ 13 ਨਵੰਬਰ ਨੂੰ ਬੇਗੋਵਾਲ ਆਉਣ ਦੀ ਸਹਿਮਤੀ ਦਿੱਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ, “ਮੈਂ ਅਕਾਲੀ ਸੀ ਅਤੇ ਅਕਾਲੀ ਹੀ ਰਹਾਂਗੀ। ਕੇਂਦਰ ਨਾਲ ਸਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਪੰਥਕ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਦਾ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਸਾਂਝ ਰੱਖਣੀ ਪਵੇਗੀ। ਉਨ੍ਹਾਂ ਮੁਤਾਬਕ ਭਾਜਪਾ ਨਾਲ ਤਾਲਮੇਲ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰ ਸਕਦਾ ਹੈ। ਭੁਲੱਥ ਤੋਂ ਮੁੜ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਇਹ ਹਲਕਾ ਹਮੇਸ਼ਾ ਉਨ੍ਹਾਂ ਦਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ 7 ਨਵੰਬਰ 2022 ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਉਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਵਿਰੁੱਧ ਐੱਸਜੀਪੀਸੀ ਪ੍ਰਧਾਨਗੀ ਦੀ ਚੋਣ ਲੜਨ ਦਾ ਫ਼ੈਸਲਾ ਕੀਤਾ ਸੀ।
Share this content:



Post Comment