ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਮੇਟੀ ਦੇ ਮੁਖੀ ਬਣੇ ਸੀਚੇਵਾਲ
ਲੁਧਿਆਣਾ, 3 ਨਵੰਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਣਾਈ ਕਮੇਟੀ ਦਾ ਮੁਖੀ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਆਈ ਏ ਐੱਸ ਅਧਿਕਾਰੀ ਘਣਸ਼ਿਆਮ ਥੋਰੀ ਨੂੰ ਉਪ ਮੁਖੀ ਹੋਣਗੇ। 11 ਮੈਂਬਰੀ ਕਮੇਟੀ ਵਿੱਚ ਵੱਖ-ਵੱਖ ਵਿਭਾਗ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਹੋਂਦ ਵਿੱਚ ਆਉਣ ਦੇ 15 ਦਿਨਾਂ ਬਾਅਦ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਸਬੰਧੀ ਯੋਜਨਾ ਬਾਰੇ ਰਿਪੋਰਟ ਦਿੱਤੀ ਜਾਵੇਗੀ। ਇਸ ਕਮੇਟੀ ਦੀ ਜਲਦੀ ਮੀਟਿੰਗ ਸੱਦੀ ਜਾ ਰਹੀ ਹੈ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਬੁੱਢੇ ਦਰਿਆ ਨੂੰ ਮੁੜ ਤੋਂ ਪੁਰਾਤਨ ਰੂਪ ਵਿੱਚ ਲਿਆਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਵਿੱਚ ਡੇਅਰੀਆਂ ਅਤੇ ਇੰਡਸਟਰੀ ਦੇ ਪ੍ਰਤੀਨਿਧ ਵੀ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਪੁਲੀਸ, ਨਗਰ ਨਿਗਮ ਲੁਧਿਆਣਾ ਅਤੇ ਡਰੇਨੇਜ ਵਿਭਾਗ ਦੇ ਪ੍ਰਤੀਨਿਧੀ ਵੀ ਬਤੌਰ ਮੈਂਬਰ ਹੋਣਗੇ। ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਬੁੱਢਾ ਦਰਿਆ ਸਾਫ਼ ਵਗਣਾ ਚਾਹੀਦਾ ਹੈ, ਕਿਉਂਕਿ ਸਤਲੁਜ ਦਰਿਆ ਦਾ ਪਾਣੀ ਹਰੀਕੇ ਪੱਤਣ ਤੋਂ ਦੋ ਨਹਿਰਾਂ ਰਾਹੀ ਮਾਲਵੇ ’ਤੇ ਰਾਜਸਥਾਨ ਨੂੰ ਜਾਂਦਾ ਹੈ। ਇਨ੍ਹਾਂ ਨਹਿਰਾਂ ਰਾਹੀ ਦੂਸ਼ਿਤ ਪਾਣੀ ਕਾਰਨ ਮਾਲਵੇ ਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ।
Share this content:



Post Comment