ਭਾਜਪਾ ਵੋਟਾਂ ਲਈ ਲੋਕਾਂ ਨੂੰ ਡਰਾਉਣਾ ਬੰਦ ਕਰੇ : ਮਾਨ
ਚੰਡੀਗੜ੍ਹ, 7 ਮਈ – ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਦੋ ਧਮਾਕਿਆਂ ਨੂੰ ਮਾਮੂਲੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਭਾਜਪਾ ਨੂੰ ਇਨ੍ਹਾਂ ਧਮਾਕਿਆਂ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਇਸ ਤਰ੍ਹਾਂ ਦੀ ਤਿਆਰੀ ਕਰ ਰਹੀ ਹੈ। ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ ਅਤੇ ਪਾਰਟੀ ਲੋਕਾਂ ਨੂੰ ਡਰਾ ਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਇੱਕ ਫਿਰਕੂ ਪਾਰਟੀ ਹੈ। ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋ ਗਈਆਂ ਹਨ ਅਤੇ ਉਨ੍ਹਾਂ (ਭਾਜਪਾ) ਕਿਹਾ ਹੈ ਕਿ ਹੁਣ ਪੰਜਾਬ ਦੀ ਵਾਰੀ ਹੈ, ਜੋ ਇਹ ਦਰਸਾਉਂਦਾ ਹੈ ਕਿ ਇਹ ਮਾਮੂਲੀ ਧਮਾਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਤਿਆਰੀ ਦਾ ਹਿੱਸਾ ਹਨ। ਉਨ੍ਹਾ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਨੇ ਹਮੇਸ਼ਾ ਹਿੰਸਾ ਭੜਕਾ ਕੇ ਅਤੇ ਜਨਤਾ ਨੂੰ ਡਰਾ-ਧਮਕਾ ਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕੀਤੀ ਹੈ।
ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਮੈਂ ਭਾਜਪਾ ਨੂੰ ਅਜਿਹੀਆਂ ਚਾਲਾਂ ਬੰਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਇੱਕ ਸ਼ਾਂਤਮਈ ਸੂਬਾ ਹੈ। ਅਸੀਂ ਉਹ ਲੋਕ ਹਾਂ, ਜੋ ਹਮੇਸ਼ਾ ਸਰਬੱਤ ਦਾ ਭਲਾ ਮੰਗਦੇ ਹਾਂ। ਉਨ੍ਹਾ ਦਾਅਵਾ ਕੀਤਾ ਕਿ ਭਾਜਪਾ ਨੂੰ ਉਨ੍ਹਾਂ ਸੂਬਿਆਂ ਵਿੱਚ ਮੁਸੀਬਤ ਖੜ੍ਹੀ ਕਰਨ ਦਾ ਸ਼ੌਕ ਹੈ, ਜਿੱਥੇ ਉਹ ਚੋਣਾਂ ਲੜ ਰਹੀ ਹੁੰਦੀ ਹੈ। ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਇਹ ਕਾਨੂੰਨ ਭਾਈਚਾਰਿਆਂ ਵਿਚਕਾਰ ਟਕਰਾਅ ਪੈਦਾ ਕਰਨ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦਾ ਮੁਕਾਬਲਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਨਾਲ ਕੋਈ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਨਹੀਂ ਦੇਵੇਗਾ। ਉਨ੍ਹਾ ਦੋਸ਼ ਲਾਇਆ ਕਿ ਇਹ ਕਾਨੂੰਨ ਭਾਜਪਾ ਦੇ ਏਜੰਡੇ ਦੇ ਉਲਟ ਹੈ।
ਅਨੰਦਪੁਰ ਸਾਹਿਬ, (ਅਰਵਿੰਦਰ ਸਿੰਘ ਬਿੰਦੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸਥਾਨਕ ਭਗਤ ਰਵਿਦਾਸ ਚੌਕ ਤੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਕੇ ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ਦੀ ਆਰੰਭਤਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਰੋੜਾਂ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਕਾਨੂੰਨ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਲਈ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰ ਰਹੇ ਹਨ।
Share this content:



Post Comment