Loading Now

ਭਾਰਤ-ਅਮਰੀਕਾ ਵਪਾਰ ਸਮਝੌਤਾ ਖ਼ਤਰੇ ਦੀ ਘੰਟੀ

ਭਾਰਤ-ਅਮਰੀਕਾ ਵਪਾਰ ਸਮਝੌਤਾ ਖ਼ਤਰੇ ਦੀ ਘੰਟੀ

ਉਗਰਾਹਾਂ, 21 ਅਗਸਤ – ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਪੈਪਸੀਕੋ ਕੰਪਨੀ ਚੰਨੋ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਸਨਅਤੀ ਕਾਮੇ, ਪੈਪਸੀਕੋ ਦੇ ਰੈਗੂਲਰ ਤੇ ਠੇਕਾ ਕਾਮਿਆਂ ਸਣੇ ਵੱਡੀ ਗਿਣਤੀ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ, ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਕਲਾਂ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਖ਼ਤਰੇ ਦੀ ਘੰਟੀ ਹੈ।

ਉਨ੍ਹਾਂ ਭਾਰਤ ਅਮਰੀਕਾ ਵਪਾਰਕ ਸਮਝੌਤਾ, ਲੈਂਡ ਪੂਲਿੰਗ ਨੀਤੀ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਅਤੇ ਵੀ ਬੀ ਜੀ ਰਾਮ ਜੀ ਵਰਗੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੈਪਸੀਕੋ ਵਰਗੀਆਂ ਬਹੁ-ਕੌਮੀ ਕੰਪਨੀਆਂ ਪੰਜਾਬ ਦੇ ਪਾਣੀ ਅਤੇ ਜ਼ਮੀਨ ਤੇ ਕਿਰਤ ਸ਼ਕਤੀ ਨੂੰ ਲੁੱਟ ਰਹੀਆਂ ਹਨ। ਚੰਨੋ ਫੈਕਟਰੀ ਕਾਰਨ ਜ਼ਮੀਨਦੋਜ਼ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਜਲ ਪ੍ਰਦੂਸ਼ਣ ਵਧ ਰਿਹਾ ਹੈ। ਇਸ ਦੇ ਬਾਵਜੂਦ ਸਥਾਨਕ ਲੋਕਾਂ ਨੂੰ ਢੁੱਕਵਾਂ ਰੁਜ਼ਗਾਰ ਨਹੀਂ ਮਿਲ ਰਿਹਾ। ਸ੍ਰੀ ਉਗਰਾਹਾਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਇਨ੍ਹਾਂ ਸਾਰੀਆਂ ਮੰਗਾਂ ਲਈ 30 ਅਗਸਤ ਤੋਂ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਜੇ ਸਰਕਾਰ ਨੇ ਇਹ ਸਮਝੌਤਾ ਰੱਦ ਨਾ ਕੀਤਾ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਾਪਸ ਨਾ ਲਈਆਂ ਤਾਂ ਦੇਸ਼ ਵਿਆਪੀ ਸੰਘਰਸ਼ ਛੇੜਿਆ ਜਾਵੇਗਾ।

Share this content:

Post Comment