ਮਾਨਸਾ ਦੀ ਵਿਦਿਆਰਥਣ ਨੇ ਪੂਰੇ ਦੇਸ਼ ‘ਚੋਂ ਕੀਤਾ ਟਾਪ
ਚੰਡੀਗੜ੍ਹ, 28 ਨਵੰਬਰ – ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣਾ ਲਾਜ਼ਮੀ
ਇਸ ਸਫਲਤਾ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ‘ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।” ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ
ਇਸ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥਣ, ਉਸਦੇ ਮਾਪਿਆਂ, ਆਈ.ਟੀ.ਆਈ. ਮਾਨਸਾ ਦੇ ਪ੍ਰਿੰਸੀਪਲ ਅਤੇ ਸਾਰੇ ਇੰਸਟ੍ਰਕਟਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦਿੱਤੀ। ਸੂਬੇ ਭਰ ਦੀਆਂ ਹੋਰ ਆਈ.ਟੀ.ਆਈਜ਼ ਦੇ ਪ੍ਰਿੰਸੀਪਲਾਂ ਨੂੰ ਨਵੇਂ ਜੋਸ਼ ਅਤੇ ਉਸਾਰੂ ਸੋਚ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਬੈਂਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਸਿੱਖਿਆ ਅਤੇ ਸਿਖਲਾਈ ਨੂੰ ਪੂਰੇ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ।
ਪਰਿਵਾਰਾਂ ਅਤੇ ਸੂਬੇ ਦਾ ਮਾਣ
ਉਹਨਾਂ ਕਿਹਾ, “ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਾ ਹਾਂ। ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ, ਉਹ ਵੀ ਅਜਿਹੇ ਮਿਸਾਲੀ ਮੀਲ ਪੱਥਰ ਸਥਾਪਿਤ ਕਰਕੇ ਆਪਣੇ ਪਰਿਵਾਰਾਂ ਅਤੇ ਸੂਬੇ ਦਾ ਮਾਣ ਵਧਾ ਸਕਦੇ ਹਨ।
ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਸਫਲਤਾ ਨਾਲ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਨੌਜਵਾਨ ਨੂੰ ਵੱਡੇ ਸੁਪਨੇ ਦੇਖਣ ਅਤੇ ਰਾਸ਼ਟਰੀ ਪੱਧਰ ‘ਤੇ ਚਮਕਣ ਲਈ ਹੁਨਰ, ਹੌਂਸਲਾ ਅਤੇ ਮੰਚ ਪ੍ਰਦਾਨ ਕਰਨ ਦੇ ਆਪਨੇ ਵਾਅਦੇ ਨੂੰ ਅਮਲੀ- ਜਾਮਾ ਦਿੱਤਾ ਹੈ। ਵਿਕਾਸ ਪ੍ਰਤਾਪ ਨੇ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Share this content:



Post Comment