ਮਿਡ ਡੇਅ ਮੀਲ ਦੀ ਗੁਣਵੱਤਾ ਦਾ ਲਿਆ ਜਾਇਜ਼ਾ
ਮੋਗਾ, 16 ਸਤੰਬਰ – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕਰਕੇ ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਤਹਿਤ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਜ਼ਮੀਨੀ ਪੱਧਰ ’ਤੇ ਲਾਗੂਕਰਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਧੇਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ-3 ਵਿਖੇ ਮਿਡ-ਡੇ ਮੀਲ ਦੀ ਗੁਣਵੱਤਾ, ਸਫ਼ਾਈ ਅਤੇ ਵੰਡ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਬੱਚਿਆਂ ਨੂੰ ਪੌਸ਼ਟਿਕ ਅਤੇ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਣਾ ਪਰੋਸਣ ਅਤੇ ਖਾਣ ਸਮੇਂ ਸਫ਼ਾਈ ਤੇ ਸਿਹਤ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਉਪਰੰਤ ਆਂਗਣਵਾੜੀ ਸੈਂਟਰ ਮਟਾਂ ਵਾਲਾ ਵਿਹੜਾ ਮੋਗਾ (ਸੈਂਟਰ ਕੋਡ 815) ਦਾ ਨਿਰੀਖਣ ਕੀਤਾ ਗਿਆ। ਸੈਂਟਰ ਵਿਖੇ ਰਾਸ਼ਨ ਦੀ ਸਪਲਾਈ ਸਬੰਧੀ ਸਾਹਮਣੇ ਆਈ ਸਥਿਤੀ ਦਾ ਤੁਰੰਤ ਨੋਟਿਸ ਲੈਂਦਿਆਂ ਮੈਂਬਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਸਪਲਾਈ ਤੁਰੰਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਨਿਰਵਿਘਨ ਮਿਲਦਾ ਰਹੇ।
ਰਾਸ਼ਨ ਡਿਪੂਆਂ ਦੇ ਨਿਰੀਖਣ ਦੌਰਾਨ ਪੀਡੀਐੱਸ ਨੰਬਰ 93, ਗੁਰੂ ਅਰਜਨ ਦੇਵ ਨਗਰ ਅਤੇ ਪੀ.ਡੀ.ਐਸ. ਨੰਬਰ 148, ਪ੍ਰੀਤ ਨਗਰ ਵਿਖੇ ਕਣਕ ਦੀ ਵੰਡ ਨਾਲ ਸਬੰਧਤ ਮਾਮਲਿਆਂ ਦਾ ਜਾਇਜ਼ਾ ਲਿਆ ਗਿਆ। ਮੈਂਬਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਲਦ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਸਾਧਾਂ ਵਾਲੀ ਬਸਤੀ ਸਥਿਤ ਡਿਪੂ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਸ੍ਰੀ ਧਾਲੀਵਾਲ ਨੇ ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਸ਼ਿਕਾਇਤ ਬਕਸੇ ਅਤੇ ਸਰਕਾਰ ਦੇ ਸੁਝਾਅ ਬੈਨਰ ਲਗਾਉਣ ’ਤੇ ਵੀ ਜ਼ੋਰ ਦਿੱਤਾ, ਤਾਂ ਜੋ ਲਾਭਪਾਤਰੀ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਆਸਾਨੀ ਨਾਲ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਤਹਿਤ ਮਿਲਣ ਵਾਲੇ ਹੱਕਾਂ ਅਤੇ ਸਹੂਲਤਾਂ ਸਬੰਧੀ ਸ਼ਿਕਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ। ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਅਤੇ ਸਰਕਾਰੀ ਲਾਭ ਸਮੇਂ ਸਿਰ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਏ ਜਾਣ।
Share this content:



Post Comment