Loading Now

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ: ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ: ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਫ਼ਰੀਦਕੋਟ, 15 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਵੱਲੋਂ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੁਹਿੰਮ ਵਿੱਚ ਕੈਮਿਸਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਹੋਣ ਕਾਰਨ ਉਹ ਨਸ਼ੇ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ, ਵੰਡ ਅਤੇ ਵਰਤੋਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਮੈਂਬਰਾਂ ਨੂੰ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਨਿਯਮਾਂ ਅਤੇ ਕਾਨੂੰਨੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਖ਼ਾਸ ਤੌਰ ’ਤੇ ਅਜਿਹੀਆਂ ਦਵਾਈਆਂ ਦੀ ਵਿਕਰੀ ਵਿੱਚ ਪੂਰੀ ਸਾਵਧਾਨੀ ਵਰਤੀ ਜਾਵੇ, ਜਿਨ੍ਹਾਂ ਦੀ ਨਸ਼ੇ ਵਜੋਂ ਦੁਰਵਰਤੋਂ ਹੋਣ ਦੀ ਸੰਭਾਵਨਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਕੈਮਿਸਟਾਂ ਨੂੰ ਬਿਨਾਂ ਲੋੜੀਂਦੇ ਕਾਨੂੰਨੀ ਨੁਸਖ਼ੇ ਦੇ ਨਿਯੰਤਰਿਤ ਦਵਾਈਆਂ ਦੀ ਵਿਕਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਦਵਾਈਆਂ ਦੀ ਖ਼ਰੀਦ-ਫ਼ਰੋਖ਼ਤ ਦਾ ਲੋੜੀਂਦਾ ਰਿਕਾਰਡ ਨਿਯਮਾਂ ਅਨੁਸਾਰ ਰੱਖਣਾ ਚਾਹੀਦਾ ਹੈ। ਜੇਕਰ ਕਿਸੇ ਵੀ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਦੀ ਸ਼ੱਕੀ ਜਾਂ ਗ਼ੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਲੋਕਾਂ, ਸਮਾਜਿਕ ਸੰਸਥਾਵਾਂ, ਵਪਾਰਕ ਜਥੇਬੰਦੀਆਂ ਅਤੇ ਹਰ ਜ਼ਿੰਮੇਵਾਰ ਨਾਗਰਿਕ ਦੇ ਸਾਂਝੇ ਸਹਿਯੋਗ ਨਾਲ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਡਾ. ਵਿਸ਼ਵਦੀਪ ਗੋਇਲ ਸਹਾਇਕ ਸਿਵਲ ਸਰਜਨ, ਸ੍ਰੀ ਮਨੀਸ਼ ਕੁਮਾਰ ਐਸ.ਪੀ., ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ, ਕੈਮਿਸਟ ਐਸੋਸੀਏਸ਼ਨ ਦੇ ਨੁੰਮਾਇੰਦੇ ਕੁਨਾਲ ਮਿੱਤਲ, ਨਵਨੀਤ ਰਾਏ, ਅਰਵਿੰਦਰ ਸਿੰਘ, ਹਰਦੀਪ ਮਹਿਤਾ, ਡਾ. ਬਲਜੀਤ ਸਿੰਘ, ਜਗਦੀਪ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਹਾਜ਼ਰ ਸਨ।

Share this content:

Post Comment