Loading Now

ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ; ਸੁਖਬੀਰ ਬਾਦਲ ਦਾ ਬਿਆਨ

ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ; ਸੁਖਬੀਰ ਬਾਦਲ ਦਾ ਬਿਆਨ

ਅੰਮ੍ਰਿਤਸਰ, 28 ਅਗਸਤ – ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਇਤਿਹਾਸਕ ਰੱਖੜ ਪੁੰਨਿਆ ਦੇ ਮੇਲੇ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸਾਧੇ।

ਹਮਲੇ ਤੋਂ ਬਚਾਉਣ ਲਈ ਉਹ ਗੁਰੂ ਘਰ ਵਿੱਚ ਸ਼ੁਕਰਾਨਾ ਕਰਨ ਆਏ

ਸੁਖਬੀਰ ਬਾਦਲ ਨੇ ਕਿਹਾ ਕਿ “ਉਹ ਸਭ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਦਰਬਾਰ ਸਾਹਿਬ ਪਹੁੰਚੇ ਹਨ। ਗੁਰੂ ਸਾਹਿਬ ਨੇ ਉਨ੍ਹਾਂ ’ਤੇ ਮਿਹਰ ਭਰਿਆ ਹੱਥ ਰੱਖਿਆ ਅਤੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੀ ਰੱਖਿਆ ਕੀਤੀ। ਜਿਨ੍ਹਾਂ ਲੋਕਾਂ ਨੂੰ ਸਿੱਖ ਕੌਮ ਦੀ ਮਰਿਆਦਾ ਅਤੇ ਗੁਰੂ ਘਰ ਦੀ ਮਰਿਆਦਾ ਬਾਰੇ ਗਿਆਨ ਨਹੀਂ ਹੈ, ਉਨ੍ਹਾਂ ਦੇ ਹਮਲੇ ਤੋਂ ਬਚਾਉਣ ਲਈ ਉਹ ਗੁਰੂ ਘਰ ਵਿੱਚ ਸ਼ੁਕਰਾਨਾ ਕਰਨ ਆਏ ਹਨ।

ਸਰਕਾਰੀ ਮੁਲਾਜ਼ਮ ਪੰਜਾਬ ਸਰਕਾਰ ਦਾ ਮਹੱਤਵਪੂਰਨ ਹਿੱਸਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਕਥਿਤ ਧਮਕੀ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ “ਮੁੱਖ ਮੰਤਰੀ ਮਾਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਤੋਂ ਸਿੱਖਣਾ ਚਾਹੀਦਾ ਹੈ। ਪ੍ਰਕਾਸ਼ ਸਿੰਘ ਬਾਦਲ ਕਦੇ ਵੀ ਇਹ ਨਹੀਂ ਕਹਿੰਦੇ ਸਨ ਕਿ ਉਹ ਕਿਸੇ ਮੁਲਾਜ਼ਮ ਜਥੇਬੰਦੀ ਜਾਂ ਕਿਸੇ ਵਰਗ ਨਾਲ ਨਹੀਂ ਮਿਲਣਗੇ। ਜਦੋਂ ਵੀ ਕਿਸੇ ਵਰਗ ਨੂੰ ਕੋਈ ਸਮੱਸਿਆ ਆਉਂਦੀ ਸੀ ਤਾਂ ਉਹ ਪਹਿਲਾਂ ਉਨ੍ਹਾਂ ਨੂੰ ਬੁਲਾ ਕੇ ਮੁਸ਼ਕਲ ਸੁਣਦੇ ਅਤੇ ਉਸ ਦਾ ਹੱਲ ਕਰਨ ਦੀ ਕੋਸ਼ਿਸ਼ ਕਰਦੇ ਸਨ।

ਹਾਈਕੋਰਟ ਦੇ ਹੁਕਮ ਨਹੀਂ ਮੰਨ ਰਹੀ ਸਰਕਾਰ

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਮੁਲਾਜ਼ਮਾਂ ਨੂੰ ਡਰਾਉਣ-ਧਮਕਾਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੁਲਿਸ ਦੇ ਦਬਾਅ ਅਤੇ ਪਰਚਿਆਂ ਦੇ ਡਰ ਨਾਲ ਪੰਜਾਬ ਦੇ ਲੋਕਾਂ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਹਨ ਅਤੇ ਮੌਜੂਦਾ ਸਰਕਾਰ ਕੋਲ ਹੁਣ ਕੁਝ ਹੀ ਮਹੀਨੇ ਬਚੇ ਹਨ। ਡੀਏ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਵਿੱਚ ਸਰਕਾਰ ਟਾਲ-ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਰਕਾਰ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸੁਖਬੀਰ ਬਾਦਲ ਨੇ ਸਰਕਾਰ ’ਤੇ ਸਰਕਾਰੀ ਧਨ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਵੀ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਦੇ ਬਕਾਏ ਦੇਣ ਦੀ ਬਜਾਏ ਸਰਕਾਰ ਇਸ਼ਤਿਹਾਰਾਂ, ਰੈਲੀਆਂ ਅਤੇ ਸਿਆਸੀ ਗਤੀਵਿਧੀਆਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਨਜ਼ਦੀਕੀ ਲੋਕਾਂ ਨੂੰ ਵੱਖ-ਵੱਖ ਕੰਮਾਂ ਦੇ ਠੇਕੇ ਦਿੱਤੇ ਜਾ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਿਆਸੀ ਬਦਲਾਅ ਦੀ ਲਹਿਰ ਚੱਲ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖਾਲਸਾ ਪੰਥ ਅਤੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਨੂੰ ਜ਼ਿਆਦਾ ਸਮਾਂ ਸੱਤਾ ਵਿੱਚ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਹਿੱਤਾਂ ਦੀ ਲੜਾਈ ਅੱਗੇ ਵੀ ਜਾਰੀ ਰੱਖੀ ਜਾਵੇਗੀ।

Share this content:

Post Comment