ਵਾਹਨਾਂ ਦੇ ਪ੍ਰਦੂਸ਼ਣ ਕਾਰਨ ਦਿੱਲੀ-ਐੱਨਸੀਆਰ ਦੀ ਆਬੋ-ਹਵਾ ਖਰਾਬ: ਸੁਪਰੀਮ ਕੋਰਟ
ਨਵੀਂ ਦਿੱਲੀ, 10 ਨਵੰਬਰ – ਸੁਪਰੀਮ ਕੋਰਟ ਨੇ ਦਿੱਲੀ-ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਵਧ ਰਹੇ ਪ੍ਰਦੂਸ਼ਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਵਾਹਨਾਂ ਦੇ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਹੋ ਰਿਹਾ ਵਾਧਾ ਤੁਰੰਤ ਦਖ਼ਲ ਦੀ ਮੰਗ ਕਰਦਾ ਹੈ। ਇਸ ਸਬੰਧੀ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਤੋਂ ਪੁਰਾਣੇ ਅਤੇ ਪ੍ਰਦੂਸ਼ਣ ਮਾਪਦੰਡਾਂ ’ਤੇ ਖਰੇ ਨਾ ਉਤਰਨ ਵਾਲੇ ਵਾਹਨਾਂ ਦੀ ਆਵਾਜਾਈ ਰੋਕਣ ਲਈ ਚੁੱਕੇ ਕਦਮਾਂ ਬਾਰੇ ਜਵਾਬ ਮੰਗਿਆ ਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਤੇ ਵੀ. ਮੋਹਨਾ ਦੇ ਬੈਂਚ ਨੇ ਦਿੱਲੀ ਨਗਰ ਨਿਗਮ ਅਤੇ ਦਿੱਲੀ ਪੁਲੀਸ ਨੂੰ ਵੀ ਵਿਸਥਾਰਤ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਅਧਿਕਾਰੀਆਂ ਨੂੰ ਦੱਸਣਾ ਪਵੇਗਾ ਕਿ ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਹੜੇ ਥੋੜ੍ਹੇ ਅਤੇ ਲੰਮੇ ਸਮੇਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਬੈਂਚ ਨੇ ਕਿਹਾ ਕਿ ਦਿੱਲੀ ਅਤੇ ਗੁਆਂਢੀ ਸੂਬਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ, ਜੋ ਸ਼ਲਾਘਾਯੋਗ ਹੈ। ਪਰ ਇਸ ਦੇ ਨਾਲ ਹੀ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਦਿੱਲੀ ਵਿੱਚ ਸਿਰਫ਼ ਸਥਾਨਕ ਵਾਹਨ ਹੀ ਨਹੀਂ, ਸਗੋਂ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਤੋਂ ਆਉਣ ਵਾਲੇ ਵਾਹਨ ਵੀ ਪ੍ਰਦੂਸ਼ਣ ਵਧਾ ਰਹੇ ਹਨ।
ਪੀਯੂਸੀ ਸਰਟੀਫਿਕੇਟ ਅਤੇ ਵਾਹਨਾਂ ਦੀ ਜਾਂਚ ਬਾਰੇ ਵੀ ਜਵਾਬ ਮੰਗਿਆ
ਅਦਾਲਤ ਨੇ ਪੁੱਛਿਆ ਹੈ ਕਿ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਪਛਾਣ ਅਤੇ ਨਿਗਰਾਨੀ ਕਿਵੇਂ ਕੀਤੀ ਜਾ ਰਹੀ ਹੈ। ਪ੍ਰਦੂਸ਼ਣ ਜਾਂਚ ਸਰਟੀਫਿਕੇਟ (ਪੀਯੂਸੀ) ਦੀ ਸ਼ਰਤ ਲਾਗੂ ਕਰਨ ਅਤੇ ਪੁਰਾਣੇ ਵਾਹਨਾਂ ਨੂੰ ਐੱਨਸੀਆਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੂੰ ਇਹ ਵੀ ਦੱਸਣਾ ਪਵੇਗਾ ਕਿ ਕਿੰਨੇ ਵਾਹਨਾਂ ਦੀ ਜਾਂਚ ਕੀਤੀ ਗਈ, ਕਿੰਨਿਆਂ ਦੇ ਚਲਾਨ ਕੱਟੇ ਗਏ ਅਤੇ ਕਿੰਨਿਆਂ ਨੂੰ ਦਾਖ਼ਲ ਹੋਣ ਤੋਂ ਰੋਕਿਆ ਗਿਆ। ਬੈਂਚ ਨੇ ਦਿੱਲੀ ਅਤੇ ਗੁਆਂਢੀ ਸੂਬਿਆਂ ਵਿਚਾਲੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਤਾਲਮੇਲ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਸੂਬਿਆਂ ਨੂੰ ਦੋ ਹਫ਼ਤਿਆਂ ਅੰਦਰ ਆਪਣੇ ਜਵਾਬ ਦਾਖ਼ਲ ਕਰਨ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਵੱਲੋਂ ਦਿੱਤੇ ਸੁਝਾਵਾਂ ’ਤੇ ਕੀਤੀ ਕਾਰਵਾਈ ਬਾਰੇ ਦੱਸਣ ਲਈ ਕਿਹਾ ਗਿਆ ਹੈ।
23 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਇਹ ਹੁਕਮ 6 ਨਵੰਬਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਆਪਣੇ ਆਪ ਨੋਟਿਸ ਲੈ ਕੇ ਸ਼ੁਰੂ ਕੀਤੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ ਗਏ। ਅਦਾਲਤ ਨੇ ਵਾਹਨਾਂ ਦੇ ਪ੍ਰਦੂਸ਼ਣ ਨਾਲ ਸਬੰਧਤ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਰੱਖੀ ਹੈ। ਠੋਸ ਰਹਿੰਦ-ਖੂੰਹਦ ਅਤੇ ਪਰਾਲੀ ਤੇ ਪਟਾਕੇ ਸਾੜਨ ਦੇ ਮਾਮਲੇ 25 ਨਵੰਬਰ ਨੂੰ, ਜਦਕਿ ਉਸਾਰੀ ਕਾਰਜਾਂ, ਬਿਜਲੀ ਘਰਾਂ ਅਤੇ ਉਦਯੋਗਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਦੇ ਮਾਮਲੇ 26 ਨਵੰਬਰ ਨੂੰ ਸੁਣੇ ਜਾਣਗੇ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ-ਐੱਨਸੀਆਰ ਵਿੱਚ ਵਾਹਨਾਂ ਦੀ ਵੱਡੀ ਗਿਣਤੀ ਅਤੇ ਗਾਜ਼ੀਆਬਾਦ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਤੇ ਫਰੀਦਾਬਾਦ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਲੱਗਦੇ ਜਾਮ ’ਤੇ ਵੀ ਚਿੰਤਾ ਪ੍ਰਗਟਾਈ ਸੀ।
Share this content:



Post Comment