“ਸਰਕਾਰ ਨੇ ਖ਼ੁਦ ਕਬੁਲਿਆ ਪੰਜਾਬ ‘ਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ” : ਸੁਨੀਲ ਜਾਖੜ
ਚੰਡੀਗੜ੍ਹ, 29 ਅਕਤੂਬਰ – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨੂੰ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਨ ਲਈ ਕਿਹਾ ਹੈ ਕਿ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ, ਕਿਉਂਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ। ਲੋਕ ਭਵਨ ਵਿਖੇ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਪ੍ਰਸ਼ਾਸਨ ਵੱਲੋਂ ਕੀਤੇ ਇਨਕਾਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਜਾਖੜ ਨੇ ਲਿਖਿਆ, “ਹਾਲਾਂਕਿ ਮੈਂ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦਾ ਹਾਂ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।” ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।
ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਜਾਖੜ ਨੇ ਇਸ ਸਥਿਤੀ ਲਈ ਆਮ ਆਦਮੀ ਪਾਰਟੀ ਸਰਕਾਰ ਦੀ ਕਥਿਤ ਸੋਚੀ-ਸਮਝੀ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪਾਰਟੀ ਚੋਣਾਂ ਜਿੱਤਣ ਲਈ ਹਰ ਹੱਥਕੰਡਾ ਅਪਣਾਏਗੀ। ਜਾਖੜ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਆਗਿਆਕਾਰੀ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਜਦਕਿ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜਾਂ ਉਨ੍ਹਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਾ ਹੈ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ’ਤੇ ਰਿਹਾਅ ਕਰਕੇ ਵਿਦੇਸ਼ ਭੱਜਣ ’ਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ। ਜਾਖੜ ਨੇ ਦੋਸ਼ ਲਾਇਆ ਕਿ 5 ਕਰੋੜ ਰੁਪਏ ਦੇ ਅਜਿਹੇ ਹੀ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਦੇ ਪਰਿਵਾਰ ਦਾ ਨਾਂ ਸਾਹਮਣੇ ਆਇਆ ਸੀ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਇਸ ਦੀ ਜਾਂਚ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ’ਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ।
Share this content:



Post Comment