ਸਰਹੱਦ ਪਾਰੋਂ ਚੱਲ ਰਹੇ ਮਾਡਿਊਲ ਦਾ ਪਰਦਾਫਾਸ਼ : ਪੰਜ ਕਿਲੋ ਹੈਰੋਇਨ ਸਮੇਤ 4 ਕਾਬੂ
ਅੰਮ੍ਰਿਤਸਰ, 6 ਫਰਵਰੀ – ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਓਕੇ ਦੇ ਰਹਿਣ ਵਾਲੇ ਹਨ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਤੋਂ ਇਲਾਵਾ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ, ਜੋ ਨਸ਼ੇ ਦੀ ਸਪਲਾਈ ਲਈ ਵਰਤੇ ਜਾ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਤਸਕਰ ਪਾਕਿਸਤਾਨੀ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ। ਸੀਆਈ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਚੈਨ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਤੋਂ ਆਈ ਇੱਕ ਵੱਡੀ ਖੇਪ ਨੂੰ ਅੰਮ੍ਰਿਤਸਰ ਦੇ ਪਿੰਡ ਕਾਲਾ ਘਨੂਪੁਰ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਉਣ ਦੀ ਫਿਰਾਕ ਵਿੱਚ ਹੈ। ਪੁਲੀਸ ਨੇ ਬਾਈਪਾਸ ਰੋਡ ’ਤੇ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
Share this content:


Post Comment