ਸਿਹਤ ਮੰਤਰੀ ਦਾ ਐਲਾਨ, ਪੰਜਾਬ ਵਿੱਚ ਜਲਦ ਖੁੱਲ੍ਹਣਗੇ 333 ਹੋਰ ਪਿੰਡ ਕਲੀਨਿਕ
ਚੰਡੀਗਡ਼੍ਹ, 19 ਨਵੰਬਰ- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਹੋਰ 333 ਪਿੰਡ ਕਲੀਨਿਕ ਜਲਦ ਖੋਲ੍ਹਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਵਿੱਚ 258 ‘ਪਿੰਡ ਕਲੀਨਿਕ’ (ਪਿੰਡ ਪੱਧਰੀ ਕਲੀਨਿਕ) ਚੱਲ ਰਹੇ ਹਨ। ਅੱਜ ਇੱਥੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਦੀ ਜ਼ਿਲ੍ਹਾ-ਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਹੇਠਲੇ ਪੱਧਰ ਦੇ ਪਿੰਡ ਕਲੀਨਿਕਾਂ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਹਰੇਕ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।
ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐੱਮ ਆਰ ਆਈ ਅਤੇ ਸੀ ਟੀ ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਥਾਨਕ ਹਸਪਤਾਲਾਂ ਵਿੱਚ ਸੁਧਾਰ ਲਿਆਉਣ ਲਈ ਰੋਗੀ ਕਲਿਆਣ ਸਮਿਤੀ ਦੀਆਂ ਨਿਯਮਤ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਕਰਨ ’ਤੇ ਵੀ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਠੋਸ ਢੰਗ ਨਾਲ ਲਾਗੂ ਕਰਨ, ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਨਿਰਦੇਸ਼ ਦਿੱਤੇ।
Share this content:



Post Comment