ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ ’ਚ ਨਿੱਘਾ ਸਵਾਗਤ
ਅੰਮ੍ਰਿਤਸਰ, 22 ਜੂਨ – ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿੱਚ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਲਗਪਗ 346 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ, ਜਿਨ੍ਹਾਂ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐੱਸ ਜੀ ਪੀ ਸੀ) ਦੇ ਅਹੁਦੇਦਾਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਜਥੇ ਨੂੰ ਸਿੱਖ ਸੰਸਥਾ ਦੇ ਦਫਤਰ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਨੂੰ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ ਐੱਸ ਡੀ ਸਤਬੀਰ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਣੇ ਹੋਰਾਂ ਨੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਸਬੰਧੀ ਆਗਿਆ ਤੇ ਪ੍ਰਵਾਨਗੀ ਦਸਤਾਵੇਜ਼ ਸਮੇਂ ਸਿਰ ਬਾਰਡਰ ’ਤੇ ਪਹੁੰਚਾਏ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।
Share this content:


Post Comment