ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਸਮੇਤ DGP ਦਫ਼ਤਰ ਅੱਗੇ ਲਾਇਆ ਪੱਕਾ ਧਰਨਾ
ਅੰਮ੍ਰਿਤਸਰ, 5 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੋਰ ਕਮੇਟੀ ਦੇ ਮੈਂਬਰਾਂ ਸਮੇਤ ਚੰਡੀਗੜ੍ਹ ਸਥਿਤ DGP ਦਫ਼ਤਰ ਅੱਗੇ ਪੱਕਾ ਧਰਨਾ ਲਾ ਦਿੱਤਾ। ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਜਤਾਇਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 328 ਸਰੂਪਾਂ ਦੇ ਮਾਮਲੇ ਵਿੱਚ SIT ਬਣਾ ਕੇ ਬਹਾਨੇ ਨਾਲ ਇੱਕ ਕੋਝੀ ਸਾਜ਼ਿਸ਼ ਤਹਿਤ ਉਨ੍ਹਾਂ ਦੇ ਨਿੱਜੀ ਕਾਰੋਬਾਰ ਦੀ ਜਾਂਚ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਉਨ੍ਹਾਂ ਦੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ-ਪਰੇਸ਼ਾਨ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਵੀ ਸਿੱਧਾ ਸਬੰਧ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰਾ ਕੁਝ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ,“ਮੈਂ ਖੁਦ ਗ੍ਰਿਫ਼ਤਾਰੀ ਦੇਣ ਲਈ ਇੱਥੇ ਆਇਆ ਹਾਂ। ਮੇਰੇ ‘ਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ, ਪਰ ਮੇਰੇ ਨਾਲ ਜੁੜੇ ਬੇਗੁਨਾਹ ਲੋਕਾਂ ਨੂੰ ਤੰਗ ਨਾ ਕੀਤਾ ਜਾਵੇ। ਆਪ ਸਰਕਾਰ ਜੋ ਕਰਨਾ ਹੈ ਮੇਰੇ ਨਾਲ ਕਰੇ।” ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ ਜਾਂਦਾ, ਉਹ ਅਤੇ ਕੋਰ ਕਮੇਟੀ ਦੇ ਮੈਂਬਰ DGP ਦਫ਼ਤਰ ਤੋਂ ਨਹੀਂ ਜਾਣਗੇ।
Share this content:



Post Comment