Loading Now

ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ

ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ, 9 ਨਵੰਬਰ – ਅੰਮ੍ਰਿਤਸਰ ਵਿੱਚ ਦੀਵਾਲੀ ਦੀ ਰਾਤ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਝੜਪ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਮਾਮਲਾ ਗੋਲੀਬਾਰੀ ਵਿੱਚ ਬਦਲ ਗਿਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ਏ ਐੱਸ ਆਈ) ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਥਾਣਾ ਬੀ-ਡਿਵੀਜ਼ਨ ਵਿਖੇ ਤਾਇਨਾਤ ਏ ਐੱਸ ਆਈ ਹਰਨੇਕ ਸਿੰਘ ਵੀ ਗੋਲੀਬਾਰੀ ਦੌਰਾਨ ਲੱਤ ਵਿੱਚ ਦੋ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਧੜਿਆਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਹ ਬਹਿਸ ਜਲਦੀ ਹੀ ਤਿੱਖੀ ਤਕਰਾਰ ਵਿੱਚ ਬਦਲ ਗਈ, ਜਿਸ ਕਾਰਨ ਸਥਿਤੀ ਹੋਰ ਵਿਗੜ ਗਈ। ਥੋੜ੍ਹੀ ਦੇਰ ਬਾਅਦ ਹੀ ਕੁਝ ਨੌਜਵਾਨਾਂ ਨੇ ਕਥਿਤ ਤੌਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪ੍ਰਤਾਪ ਸਿੰਘ ਨੂੰ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਸਮੇਂ ਗੋਲੀਬਾਰੀ ਹੋਈ, ਏ ਐੱਸ ਆਈ ਹਰਨੇਕ ਸਿੰਘ ਮੌਕੇ ‘ਤੇ ਮੌਜੂਦ ਸਨ ਅਤੇ ਉਨ੍ਹਾਂ ਦੀ ਲੱਤ ਵਿੱਚ ਵੀ ਦੋ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਅਤੇ ਗੋਲੀਬਾਰੀ ਦੇ ਕਾਰਨਾਂ ਸਮੇਤ ਹੋਰ ਵੇਰਵਿਆਂ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ।

Share this content:

Post Comment