ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ – ਗਿਆਨੀ ਹਰਪ੍ਰੀਤ ਸਿੰਘ
ਲੁਧਿਆਣਾ, 11 ਨਵੰਬਰ – ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਲੋਕਾਂ ਨਾਲ ਕਿਸੇ ਵੀ ਕੀਮਤ ‘ਤੇ ਏਕਤਾ ਜਾਂ ਸਮਝੌਤਾ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਸਿਆਸੀ ਪਾਰਟੀ ਜਾਂ ਜਥੇਬੰਦੀ ਅਜਿਹੇ ਲੋਕਾਂ ਨਾਲ ਗਠਜੋੜ ਕਰਦੀ ਹੈ, ਤਾਂ ਉਸ ਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਪਾਰਟੀ ਦੀ ਰਾਜਨੀਤੀ ਦਾ ਮੁੱਖ ਆਧਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਮੁੱਦੇ ਅਤੇ ਪੰਜਾਬ ਦੇ ਹਿੱਤ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਅਤੇ ਆਦੇਸ਼ਾਂ ਅਨੁਸਾਰ ਹੀ ਪੁਨਰ ਸੁਰਜੀਤ ਹੋਇਆ ਸੀ। ਇਸ ਪਾਰਟੀ ਦੇ ਬੂਟੇ ਦੇ ਕੁੱਝ ਪੱਤੇ ਭਾਵੇਂ ਸਮੇਂ ਦੇ ਨਾਲ ਝੜ ਗਏ ਹਨ, ਪਰ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੇ ਇਸ ਦੀਆਂ ਜੜ੍ਹਾਂ ਨੂੰ ਹਰਾ ਰੱਖਣ ਲਈ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਆਪਣੇ ਆਪ ਨੂੰ ਵੱਡੀ ਸਿਆਸੀ ਤਾਕਤ ਵਜੋਂ ਪੇਸ਼ ਕਰ ਰਹੇ ਹਨ, ਪਰ ਉਨ੍ਹਾਂ ਵਿੱਚ ਨਵੀਂ ਸ਼ੁਰੂਆਤ ਕਰਨ ਅਤੇ ਸੰਗਠਨ ਨੂੰ ਅੱਗੇ ਵਧਾਉਣ ਦੀ ਸਮਰੱਥਾ ਨਹੀਂ ਹੈ।
ਪਾਰਟੀ ਦੀ ਅਗਵਾਈ ਸੰਭਾਲਣ ਦੇ ਪਿਛੋਕੜ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੋ ਆਗੂਆਂ ਦੇ ਕਹਿਣ ‘ਤੇ ਅਕਾਲੀ ਦਲ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਨ੍ਹਾਂ ਵਿੱਚ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਰਵੀਇੰਦਰ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਨੇ ਉਸ ਸਮੇਂ ਕਿਹਾ ਸੀ ਕਿ ਪਾਰਟੀ ਵਿੱਚ ਆਪਸੀ ਵਿਵਾਦ ਕਾਰਨ ਆਗੂ ਅਗਵਾਈ ਸੰਭਾਲਣ ਦੀ ਸਥਿਤੀ ਵਿੱਚ ਨਹੀਂ ਹਨ ਅਤੇ ਪਾਰਟੀ ਖਿੱਲਰ ਸਕਦੀ ਹੈ, ਇਸ ਲਈ ਉਹ ਅੱਗੇ ਆ ਕੇ ਜ਼ਿੰਮੇਵਾਰੀ ਨਿਭਾਉਣ। ਇਸੇ ਤਰ੍ਹਾਂ ਰਵੀਇੰਦਰ ਸਿੰਘ ਨੇ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੇ ਘਰ ਦਾ ਚੁੱਲ੍ਹਾ ਨਹੀਂ ਬੁੱਝਣ ਦੇਣਗੇ ਅਤੇ ਉਨ੍ਹਾਂ ਨੂੰ ਅਕਾਲੀ ਦਲ ਲਈ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਆਪਣੇ ਪਹਿਲੇ ਭਾਸ਼ਣ ਦੌਰਾਨ ਉਨ੍ਹਾਂ ਨੇ ਸਪੱਸ਼ਟ ਆਖਿਆ ਸੀ ਕਿ ਉਨ੍ਹਾਂ ਨੂੰ ਸਿਆਸੀ ਤਜਰਬਾ ਨਹੀਂ ਹੈ, ਇਸ ਲਈ ਸਾਰੇ ਆਗੂ ਉਨ੍ਹਾਂ ਦੀਆਂ ਬਾਹਵਾਂ ਬਣ ਕੇ ਸਾਥ ਦੇਣ। ਪਰ ਜਿਨ੍ਹਾਂ ਨੇ ਸਭ ਤੋਂ ਵੱਧ ਸਾਥ ਦੇਣ ਦਾ ਭਰੋਸਾ ਦਿੱਤਾ ਸੀ, ਉਹੀ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਛੱਡ ਕੇ ਲਾਂਭੇ ਹੋ ਗਏ। ਇਸ ਦੇ ਬਾਵਜੂਦ ਉਹ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਹਰ ਮੁਸ਼ਕਲ ਦਾ ਡਟ ਕੇ ਸਾਹਮਣਾ ਕਰਨਗੇ।
ਭਾਜਪਾ ਨਾਲ ਸਬੰਧਾਂ ਬਾਰੇ ਆਪਣਾ ਪੱਖ ਰੱਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕਦੇ ਵੀ ਭਾਜਪਾ ਨਾਲ ਸਿਆਸੀ ਭਾਈਵਾਲੀ ਕਰਨ ਦੀ ਗੱਲ ਨਹੀਂ ਕੀਤੀ। ਉਨ੍ਹਾਂ ਅਨੁਸਾਰ ਪਾਰਟੀ ਨੇ ਹਮੇਸ਼ਾ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਹੀ ਪਹਿਲ ਦਿੱਤੀ ਹੈ ਅਤੇ ਇਨ੍ਹਾਂ ਮੁੱਦਿਆਂ ‘ਤੇ ਆਪਣੀਆਂ ਮੰਗਾਂ ਰੱਖੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਐੱਸਜੀਪੀਸੀ ਚੋਣਾਂ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਐਲਾਨ ਕੀਤਾ ਕਿ ਐੱਸਜੀਪੀਸੀ ਦੇ ਜਨਰਲ ਇਜਲਾਸ ਵਾਲੇ ਦਿਨ ਪਾਰਟੀ ਦੇ ਐੱਸਜੀਪੀਸੀ ਮੈਂਬਰ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਦਿੱਲੀ ਵਿੱਚ ਲੋਕ ਸਭਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ। ਇਸ ਪ੍ਰਦਰਸ਼ਨ ਰਾਹੀਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਐੱਸਜੀਪੀਸੀ ਵਿੱਚ ਧੀਰਮੱਲੀਆਂ ਦਾ ਕਬਜ਼ਾ ਤੋੜਨ ਅਤੇ ਸੰਸਥਾ ਨੂੰ ਮੁੜ ਲੋਕਤੰਤਰੀ ਢੰਗ ਨਾਲ ਚੁਣੀ ਹੋਈ ਨੁਮਾਇੰਦਗੀ ਦੇਣ ਲਈ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ।
ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਦੋ ਦਸੰਬਰ ਦੇ ਹੁਕਮਨਾਮਿਆਂ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਰਹਿਣ ਲਈ ਪੰਜ ਸਿੰਘ ਸਾਹਿਬਾਨ ਅਤੇ ਪਾਰਟੀ ਦੇ ਸਮੂਹ ਆਗੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਤੋਂ ਬਾਅਦ ਦੋ ਦਸੰਬਰ ਦੇ ਹੁਕਮਨਾਮਿਆਂ ਨਾਲ ਅਕਾਲੀ ਦਲ ਮੁੜ ਆਪਣੇ ਅਸਲ ਸਰੂਪ ਵਿੱਚ ਉਭਰਿਆ ਹੈ। ਪਾਰਟੀ ਦੀ ਮਜ਼ਬੂਤੀ ਨਾਲ ਹੀ ਪੰਥ ਅਤੇ ਪੰਜਾਬ ਮਜ਼ਬੂਤ ਹੋ ਸਕਦੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਆਗੂ ਸੰਤਾ ਸਿੰਘ ਉਮੈਦਪੁਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਵਿਦਵਾਨ ਆਗੂ ਹਨ ਅਤੇ ਉਨ੍ਹਾਂ ਨੂੰ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਥਕ ਏਕਤਾ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਸਮੂਹ ਆਗੂਆਂ, ਵਰਕਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸਾਰਿਆਂ ਦਾ ਸਵਾਗਤ ਵੀ ਕੀਤਾ।
Share this content:



Post Comment