ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਹੋਈਆਂ ਨਤਮਸਤਕ
ਅੰਮ੍ਰਿਤਸਰ, 19 ਜੂਨ – ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀ। ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਦਰਸ਼ਨੀ ਡਿਉੜੀ ਨੇੜੇ ਵੱਡੇ ਪੱਖੇ ਅਤੇ ਕੂਲਰ ਲਾਏ ਗਏ ਸਨ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਛਬੀਲ ’ਤੇ ਬੈਠ ਕੇ ਸੰਗਤ ਨੂੰ ਜਲ ਪਿਲਾਉਣ ਦੀ ਸੇਵਾ ਕੀਤੀ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਨਰਿੰਦਰ ਸਿੰਘ, ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਸੰਗਤਾਂ ਹਾਜ਼ਰ ਸਨ। ਮੁੱਖ ਸਮਾਗਮ ਗੁਰਦੁਆਰਾ ਰਾਮਸਰ ਵਿੱਚ ਕੀਤੇ ਗਏ। ਇਸੇ ਤਰ੍ਹਾਂ ਗੁਰਦੁਆਰਾ ਸੰਤੋਖਸਰ ਵਿੱਚ ਵੀ ਸ਼ਹੀਦੀ ਪੁਰਬ ਮਨਾਇਆ ਗਿਆ। ਸ਼ਹੀਦੀ ਪੁਰਬ ਨੂੰ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਸਿੱਖ ਗੁਰਧਾਮਾਂ ਦੀ ਯਾਤਰਾ ’ਤੇ ਵੀ ਗਿਆ ਹੋਇਆ ਹੈ, ਜੋ ਅੱਜ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿੱਚ ਮਨਾਏਗਾ ਅਤੇ ਭਲਕੇ ਵਾਪਸ ਭਾਰਤ ਪਰਤ ਆਵੇਗਾ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸ਼ੁਕਰਾਨਾ ਕੀਤਾ। ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਦੀ ਤਰਜ਼ ’ਤੇ ਭਾਜਪਾ ਦੀ ਸਰਕਾਰ ਸਥਾਪਿਤ ਕਰੇਗੀ, ਜਿਸ ਵਿੱਚ ਸਾਰਿਆਂ ਦੇ ਬਰਾਬਰ ਹੱਕ ਹੋਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਬਲਬੂਤੇ ’ਤੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜੇਗੀ। ਭਾਜਪਾ ਦੇ ਕੌਮੀ ਸਕੱਤਰ ਅਤੇ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ’ਤੇ ਅੱਜ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਭੇਜਿਆ ਜਾਵੇਗਾ, ਜਿਸ ਰਾਹੀਂ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਘੱਟਗਿਣਤੀ ਭਾਈਚਾਰੇ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨ ਕਰਨ ਵਾਸਤੇ ਅਪੀਲ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਖੈਬਰ ਪਖ਼ਤੂਨਖਵਾ ਦੇ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਪਤੀ-ਪਤਨੀ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ, ਜੋ ਕਿ ਅਤਿ ਨਿੰਦਣਯੋਗ ਹੈ।
Share this content:



Post Comment