
6, ਮਾਰਚ – ਕਈ ਮੀਡੀਆ ਅਦਾਰਿਆਂ ਵਿਚ ਅਚਾਨਕ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਨੇ ਪੰਜਾਬ ਕਾਂਗਰਸ ਅੰਦਰ ਖਲਬਲੀ ਮਚਾ ਦਿੱਤੀ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਰਿਪੋਰਟ ਵਿਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮ ਕਰਨ ਦੇ ਤਰੀਕੇ ‘ਤੇ ਸਵਾਲ ਚੁੱਕੇ ਗਏ ਹਨ ਅਤੇ ਇਹ ਵੀ ਕਿਹਾ ਗਿਆ ਕਿ ਸੀਨੀਅਰ ਕਾਂਗਰਸੀ ਆਗੂਆਂ ਵਿਚਕਾਰ ਕੋਈ ਤਾਲਮੇਲ ਨਹੀਂ ਹੈ।
ਰਿਪੋਰਟ ਦੀ ਪੁਸ਼ਟੀ ਕਰਨ ਵਾਲੇ ਨੇ ਇਹ ਵੀ ਦੱਸਿਆ ਕਿ ਇਹ ਰਿਪੋਰਟ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਕੋਲ ਪਹੁੰਚ ਚੁੱਕੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਆਧਾਰ ਬਣਾ ਕੇ ਹਾਈਕਮਾਂਡ ਕੋਈ ਵੱਡਾ ਕਦਮ ਚੁੱਕ ਸਕਦੀ ਹੈ। ਜਿਵੇਂ ਹੀ ਇਹ ਖ਼ਬਰਾਂ ਨਸ਼ਰ ਹੋਈਆਂ ਤਾਂ ਇਸ ਉਪਰ ਪ੍ਰਤੀਕਰਮ ਆਉਣੇ ਸ਼ੁਰੂ ਹੋਏ। ਹੁਣ ਇਸ ਸਬੰਧੀ ਕਾਂਗਰਸ ਵਲੋਂ ਲਗਾਏ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਕਾਂਗਰਸ ‘ਚ ਤਾਲਮੇਲ ਨਾ ਹੋਣ ਦੀਆਂ ਚਰਚਾਵਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਸਾਰੇ ਖ਼ਦਸ਼ਿਆਂ ਨੂੰ ਦੂਰ ਕੀਤਾ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ, ਨੇਤਾ ਵਿਰੋਧੀ ਧਿਰ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਦਾ ਆਪਸੀ ਤਾਲਮੇਲ ਸ਼ਲਾਘਾਯੋਗ ਹੈ। ਵਿਸ਼ਵਾਸ਼ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦਾ ਇਹ ਤਾਲਮੇਲ ਹੋਰਨਾਂ ਸੂਬਿਆਂ ਲਈ ਮਿਸਾਲ ਬਣੇਗਾ।