
ਚੰਡੀਗੜ੍ਹ, 25 ਮਾਰਚ – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਤੌਰ ’ਤੇ ਸਦਨ ਵਿੱਚ ਬੋਲਣ ਦਾ ਮੌਕਾ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵਿਧਾਨ ਸਭਾ ’ਚੋਂ ਵਾਕਆਊਟ ਕਰਨ ਤੋਂ ਬਾਅਦ ਕਿਹਾ ਕਿ ਸਪੀਕਰ ਵੱਲੋਂ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲਈ ਸਦਨ ਵਿੱਚੋਂ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਬੋਲਣ ਦਾ ਸਮਾਂ ਘੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਪਿਛਲੇ ਸਾਲ ਤੋਂ ਉਨ੍ਹਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਤੋਂ ਰੋਕਿਆ ਜਾ ਰਿਹਾ ਹੈ।
ਸ੍ਰੀ ਖਹਿਰਾ ਨੇ ਕਿਹਾ ਕਿ ਉਸ ਵੱਲੋਂ ਸਿਫ਼ਰ ਕਾਲ ਵਿੱਚ ਕਿਸਾਨੀ ਦੀ ਗੱਲ ਕੀਤੀ ਜਾਣੀ ਸੀ, ਜਿਸ ਲਈ ਉਸ ਨੇ ਆਪਣੀ ਗੱਲ ਰੱਖਣ ਲਈ 10 ਵਾਰ ਵਿਧਾਨ ਸਭਾ ਵਿੱਚ ਹੱਥ ਖੜ੍ਹਾ ਕੀਤਾ ਪਰ ਵਿਧਾਨ ਸਭਾ ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਕੁੱਲ 117 ਵਿਧਾਇਕਾਂ ਵਿੱਚੋਂ ਕਾਂਗਰਸੀ ਵਿਧਾਇਕਾਂ ਨੂੰ ਬਣਦਾ ਸਮਾਂ ਨਹੀਂ ਦਿੱਤਾ ਜਾ ਰਿਹਾ, ਬਲਕਿ ਸੱਤਾਧਾਰੀ ਧਿਰ ਦੇ ਵਿਧਾਇਕਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ। ਸਪੀਕਰ ਵੱਲੋਂ ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਲੋਕਤੰਤਰੀ ਬਹਿਸ ਦੇ ਮੂਲ ਅਰਥਾਂ ’ਤੇ ਹਮਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿੱਚ ਬੁਲਡੋਜ਼ਰ ਰਾਜ ਚੱਲ ਰਿਹਾ ਹੈ। ਇਸੇ ਤਹਿਤ ਪੁਲੀਸ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਮੋਰਚੇ ’ਤੇ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ।