
ਚੰਡੀਗੜ੍ਹ, 26 ਮਾਰਚ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ ‘ਬਦਲਦਾ ਪੰਜਾਬ’ ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।
ਚਲਾਈਆਂ ਜਾਣਗੀਆਂ ਈ-ਬੱਸਾਂ
ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਵਿਦੇਸ਼ਾਂ ਦੀ ਤਰਜ ਉੱਤੇ ਬਣਾਈਆਂ ਜਾਣਗੀਆਂ ਸੜਕਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕਾਂ ਵਿਦੇਸ਼ਾਂ ਦੀ ਤਰਜ਼ ‘ਤੇ ਬਣਾਈਆਂ ਜਾਣਗੀਆਂ। ਹੁਣ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਵਿੱਚ ਸੜਕਾਂ ਵਿਦੇਸ਼ਾਂ ਦੀ ਤਰਜ਼ ‘ਤੇ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਨੇ 5.983 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਦੇ ਨਾਲ ਹੀ 166 ਕਸਬਿਆਂ ਵਿੱਚ ਸਫਾਈ, ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਪ੍ਰਦਾਨ ਕਰਨ ਲਈ 225 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਯੁੱਧ ਨਸ਼ਿਆਂ ਵਿਰੁੱਧ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ ‘ਤੇ ਲਗਾਤਾਰ ਹਮਲੇ ਜਾਰੀ ਸਨ। ਪਿਛਲੇ ਇੱਕ ਮਹੀਨੇ ਤੋਂ ਇਨ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਪਹਿਲੀ ਡਰੱਗ ਜਨ ਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਰੁਪਏ ਖਰਚ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਨੂੰ ਮਜ਼ਬੂਤ ਕਰਾਂਗੇ। ਇਸ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।