
ਤਪਾ ਮੰਡੀ, 31 ਮਾਰਚ – ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਤਪਾ ਮੰਡੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰੀ ਸਕੂਲ ਤਪਾ ਦੇ ਗੇਟ ਅੱਗੇ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ ਤੇ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀਆਂ ਨੇ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਫਰੰਟ ਦੇ ਆਗੂਆਂ ਚਾਨਣ ਸਿੰਘ, ਸੱਤਪਾਲ ਬਾਂਸਲ, ਭਾਰਤ ਭੂਸ਼ਣ, ਸੁਖਦੀਪ ਤਪਾ, ਮਾਸਟਰ ਪ੍ਰੇਮ ਨਾਥ, ਜਗਜੀਤ ਕੌਰ ਢਿੱਲਵਾਂ ਅਤੇ ਜੋਗਿੰਦਰ ਨਾਥ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਤੋਂ ਸਮੁੱਚਾ ਮੁਲਾਜ਼ਮ ਤੇ ਪੈਨਸ਼ਨਰ ਵਰਗ ਨਿਰਾਸ਼ ਹੈ।
ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਤੈਅ ਕਰਨ, ਪੰਜਾਬ ਦੀਆਂ ਆਸ਼ਾ ਅਤੇ ਮਿੱਡ-ਡੇਅ ਮੀਲ ਵਰਕਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ, ਐੱਨਪੀਐੱਸ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਦੇ ਚੌਥੇ ਬਜਟ ਵਿੱਚ ਵੀ ਉਕਤ ਮੰਗਾਂ ਬਾਰੇ ਚੁੱਪ ਰਹੀ। ਇਸ ਤੋੋਂ ਇਲਾਵਾ ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਭਰਨ ਸਬੰਧੀ ਵੀ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਵੱਲੋਂ ਸਿਰਫ ਭਾਸ਼ਣਾਂ ਨਾਲ ਹੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ।