
ਜਲੰਧਰ/ਫਿਲੌਰ, 5 ਅਪਰੈਲ- ਫਿਲੌਰ ਕਸਬੇ ’ਚ ਜਲੰਧਰ ਦਿਹਾਤੀ ਪੁਲੀਸ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੁਆਲੇ ਬਣਾਏ ਫਰੇਮ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਉਰਫ਼ ਰਾਜਨ (31) ਵਾਸੀ ਨੂਰਪੁਰ ਚੱਠਾ ਅਤੇ ਦੂਜੇ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ ਵਾਸੀ ਨਕੋਦਰ ਵਜੋਂ ਹੋਈ ਹੈ। ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਕਿਸੇ ਤੀਜੇ ਵਿਅਕਤੀ ਰਾਹੀਂ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਨਾਲ ਜੁੜੇ ਹੋਏ ਸਨ। ਮੁਲਜ਼ਮਾਂ ਕੋਲੋਂ ਚਾਰ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤੇ ਹਨ। ਫਿਲਹਾਲ ਉਨ੍ਹਾਂ ਨੂੰ ਇਸ ਕੰਮ ਲਈ ਕਿੰਨੇ ਪੈਸੇ ਮਿਲੇ ਹਨ? ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਦੋਵਾਂ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਚਾਰ ਵਾਰ ਅਜਿਹੇ ਨਾਅਰੇ ਲਿਖ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ’ਤੇ ਹੀ 31 ਮਾਰਚ ਨੂੰ ਇਨ੍ਹਾਂ ਮੁਲਜ਼ਮਾਂ ਨੇ ਫਿਲੌਰ ਦੇ ਨੰਗਲ ਇਲਾਕੇ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਸਨ। ਇਹ ਨਾਅਰੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਲਈ ਲਗਾਏ ਗਏ ਸ਼ੋਅ-ਕੇਸ ’ਤੇ ਲਿਖੇ ਗਏ ਸਨ। ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਸੀ। ਵੀਡੀਓ ’ਚ ਪੰਨੂ ਨੇ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਦਾਅਵਾ ਵੀ ਕੀਤਾ ਸੀ।