ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਅਧਿਕਾਰੀਆਂ, ਖਰੀਦ ਏਜੰਸੀਆਂ ਤੇ ਆੜਤੀਆਂ ਨੂੰ ਸਖ਼ਤ ਆਦੇਸ਼

*ਕਣਕ ਦੇ ਸੀਜ਼ਨ ਵਿੱਚ ਖਰੀਦ ਪ੍ਰਬੰਧਾਂ ਵਿੱਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

*ਕਿਹਾ! ਸੀਜ਼ਨ ਦੌਰਾਨ ਫੀਲਡ ਦੌਰੇ ਜਾਰੀ ਰਹਿਣਗੇ, ਕਿਸਾਨਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ ਬਰਦਾਸ਼ਤ

ਮੋਗਾ, 8 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਖਰੀਦ ਏਜੰਸੀਆਂ, ਆੜਤੀਆਂ ਤੇ ਟਰਾਂਸਪੋਰਟਰਾ ਨਾਲ ਮੀਟਿੰਗ ਕੀਤੀ। ਉਨਾਂ ਖੁਰਾਕ ਤੇ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਨਾਲ  ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਗੀਤਾ ਬਿਸ਼ੰਭੁ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਉਹ ਖੁਦ ਸੀਜਨ ਦੌਰਾਨ ਫੀਲਡ ਦੌਰੇ ਲਗਾਤਾਰ ਕਰਦੇ ਰਹਿਣਗੇ। ਉਹਨਾਂ ਸਪੱਸਟ ਕੀਤਾ ਕਿ ਜੇਕਰ ਕਿਸੇ ਮੰਡੀ ਵਿਚ ਅਧਿਕਾਰੀ ਜਾਂ ਆੜ੍ਹਤੀਏ ਦੀ ਅਣਗਿਹਲੀ ਕਾਰਨ ਕਿਸੇ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਬਖਸ਼ਣਯੋਗ ਨਹੀਂ ਹੋਵੇਗਾ। ਖਰੀਦ, ਵੇਚ ਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਮੀਟਿੰਗ ਵਿੱਚ ਕਿਹਾ ਕਿ ਟਰਾਂਸਪੋਰਟ ਦੇ ਟਰੱਕਾਂ ਦੀ ਘਾਟ, ਲੇਬਰ ਦੀ ਘਾਟ ਆਦਿ ਦੀਆਂ ਸ਼ਿਕਾਇਤਾਂ ਬਿਲਕੁੱਲ ਨਹੀਂ ਸੁਣੀਆਂ ਜਾਣਗੀਆਂ। ਇਸਨੂੰ ਪੂਰਾ ਕਰਨ ਲਈ ਸਬੰਧਤ ਜਿੰਮੇਵਾਰ ਹੋਣਗੇ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਇਲਾਕੇ ਅਧੀਨ ਆਉਂਦੀ ਅਨਾਜ ਮੰਡੀ ਦੀ ਕਣਕ ਦੀ ਖਰੀਦ ਅਤੇ ਸਾਂਭ-ਸੰਭਾਲ ਲਈ ਜਿਲ੍ਹਾ ਮੰਡੀ ਅਫਸਰ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਮੀਨੀ ਪੱਧਰ ਉੱਤੇ ਜਾ ਕੇ ਜਾਇਜਾ ਲਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫਾਈ, ਛਾਂ ਅਤੇ ਖਪਾਨਿਆ ਦਾ ਯੋਗ ਪ੍ਰਬੰਧ ਕੀਤਾ ਜਾਵੇ। ਗੀਤਾ ਬਿਸ਼ੰਭੂ ਨੇ ਕਿਹਾ ਕਿ ਜਿਲ੍ਹੇ ਦੀਆਂ ਨੋਟੀਫਾਈ ਕੀਤੀਆਂ ਮੰਡੀਆਂ ਵਿਚ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜਿਲ੍ਹੇ ਦੀਆਂ ਮੰਡੀਆ ਵਿੱਚ ਐਮ.ਐਸ.ਪੀ. ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀ ਵਾਹਨਾਂ ਦੀ ਚੈਕਿੰਗ ਤੇ ਸਖ਼ਤੀ ਕੀਤੀ ਜਾਵੇ।

ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪ੍ਰਤੀ ਹੈਕਟੇਅਰ 56 ਕੁਇੰਟਲ ਤੋਂ ਵੱਧ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 109 ਮੰਡੀਆਂ ਵਿੱਚ ਅੰਦਾਜ਼ਨ 735000 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ / ਗੱਠਾਂ ਉਪਲੱਬਧ ਹਨ। ਸਰਕਾਰ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

ਸਾਂਝਾ ਕਰੋ

ਪੜ੍ਹੋ