ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹਾ ਹੈ ਲਾਰੈਂਸ ਬਿਸ਼ਨੋਈ : ਮਹਿੰਦਰ ਭਗਤ

ਚੰਡੀਗੜ੍ਹ, 8 ਅਪ੍ਰੈਲ – ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲੇ ਮਗਰੋਂ ਪੰਜਾਬ ਸਰਕਾਰ ’ਚ ਮੰਤਰੀ ਤੇ ਵਿਧਾਇਕ ਮਹਿੰਦਰ ਭਗਤ ਮੰਗਲਵਾਰ ਨੂੰ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਭਗਤ ਨੇ ਕਿਹਾ, ‘‘ਅਸੀਂ ਹੁਣੇ ਕਾਲੀਆ ਨੂੰ ਮਿਲੇ ਹਾਂ, ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਪੁਲੀਸ ਜਾਂਚ ਕਰ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਦੋਸ਼ੀ ਜਲਦੀ ਹੀ ਫੜੇ ਜਾਣਗੇ।’’ ਉਨ੍ਹਾਂ ਇਸ ਸਾਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਹੈ।

ਭਗਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਇਸ ਹਮਲੇ ਪਿੱਛੇ ਉਸ ਦੇ ਪਾਕਿਸਤਾਨ ਨਾਲ ਸਬੰਧਾਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ, ‘‘ਇਹ ਸੱਚ ਹੈ ਕਿ ਲਾਰੈਂਸ ਬਿਸ਼ਨੋਈ ਵੱਲੋਂ ਪਾਕਿਸਤਾਨ ਦੀ ਮਿਲੀਭੁਗਤ ਨਾਲ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਪੂਰੀ ਸੁਰੱਖਿਆ ਹੇਠ ਰੱਖਿਆ ਹੈ, ਪਰ ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਉਸ ਦੇ ਪਾਕਿਸਤਾਨ ਨਾਲ ਕਿਹੋ ਜਿਹੇ ਸਬੰਧ ਹਨ ਅਤੇ ਉਹ ਵਿਦੇਸ਼ ਵਿੱਚ ਬੈਠੇ ਹੋਰਨਾਂ ਗੈਂਗਸਟਰਾਂ ਦੀ ਮਦਦ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।

ਸਾਂਝਾ ਕਰੋ

ਪੜ੍ਹੋ