ਕੈਬਨਿਟ ਮੰਤਰੀ ਨੇ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਵਿਦਿਆਰਥੀਆਂ ਨੂੰ ਦਿੱਤਾ ਸੁਨੇਹਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਬੇਦਕਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਦੀਆਂ ਕੁਝ ਝਲਕੀਆਂ।

*ਬਾਬਾ ਸਾਹਿਬ ਦੇ ਜਨਮ ਦਿਵਸ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ

ਅੰਮ੍ਰਿਤਸਰ, 14 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਾ. ਭੀਮ ਰਾਓ ਅੰਬੇਦਕਰ ਦਾ ਕਹਿਣਾ ਹੈ ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪਛੜੇ ਵਰਗਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ ਵਿੱਚ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਜਿਨ੍ਹਾਂ ਦੇ ਯਤਨਾਂ ਸਦਕਾ ਕਈ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਹੋਈ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚਣ ਦੇ ਮੌਕੇ ਮਿਲੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਸ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਐਸ ਡੀ ਐਮ ਸ ਖੁਸ਼ਪ੍ਰੀਤ ਸਿੰਘ, ਰਜਿਸਟਰਾਰ ਸ ਕਰਨਜੀਤ ਸਿੰਘ ਚਾਹਾਲ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਮੈਡਮ ਸੁਹਿੰਦਰ ਕੌਰ, ਪ੍ਰੋਫੈਸਰ ਕੁਲਜੀਤ ਕੌਰ, ਡਾਕਟਰ ਵਿਕਰਮ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਲੋਕ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਜਿਹੀ ਉੱਚੀ ਸ਼ਖਸੀਅਤ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਨੇ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਅੰਬੇਦਕਰ ਸਿਰਫ਼ ਇੱਕ ਕਾਨੂੰਨੀ ਵਿਦਵਾਨ ਹੀ ਨਹੀਂ ਸਨ ਸਗੋਂ ਇੱਕ ਇਨਕਲਾਬੀ ਚਿੰਤਕ, ਇੱਕ ਸਮਾਜ ਸੁਧਾਰਕ ਅਤੇ ਸਮਾਨਤਾ ਦੇ ਚੈਂਪੀਅਨ ਸਨ। ਉਨਾਂ ਨੇ ਕਿਹਾ ਕਿ ਡਾ. ਅੰਬੇਡਕਰ ਦੇ ਜਾਤੀ-ਅਧਾਰਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਅਧਿਕਾਰਾਂ ਲਈ ਲੜਾਈ ਲੜੀ ਅਤੇ ਇੱਕ ਵਧੇਰੇ ਸਮਾਵੇਸ਼ੀ ਸਮਾਜ ਬਣਾਉਣ ਲਈ ਕੰਮ ਕੀਤਾ। ਉਨ੍ਹਾਂ ਔਰਤਾਂ ਦੇ ਅਧਿਕਾਰਾਂ ਤੇ ਸਿੱਖਿਆ ਲਈ ਮਹੱਤਵਪੂਰਨ ਸੁਧਾਰਾਂ ਦੀ ਅਗਵਾਈ ਕੀਤੀ, ਜਿਨ੍ਹਾਂ ਵਿੱਚ ਹਿੰਦੂ ਕੋਡ ਬਿੱਲ ਅਤੇ ਜਣੇਪਾ ਲਾਭਾਂ ਦੀ ਸ਼ੁਰੂਆਤ ਸ਼ਾਮਲ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਮੇਅਰ ਸ੍ ਭਾਟੀਆ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸਾਨੂੰ ਇੱਕ ਅਜਿਹੇ ਭਵਿੱਖ ਵੱਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ ਜਿੱਥੇ ਹਰ ਨਾਗਰਿਕ ਬਰਾਬਰ ਖੜ੍ਹਾ ਹੋਵੇ।

ਸਾਂਝਾ ਕਰੋ

ਪੜ੍ਹੋ

ਭਾਕਿਯੂ ਕ੍ਰਾਂਤੀਕਾਰੀ ਵੱਲੋਂ ਬਠਿੰਡਾ ਬੱਸ ਸਟੈਂਡ ਤਬਦੀਲੀ

ਭਾਕਿਯੂ ਕ੍ਰਾਂਤੀਕਾਰੀ ਵੱਲੋਂ ਬਠਿੰਡਾ ਬੱਸ ਸਟੈਂਡ ਤਬਦੀਲੀ ਵਿਰੁੱਧ ਰੱਖੇ ਇਕੱਠ...