ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਪਹੁੰਚ ਕੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 16 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ ਅਜਨਾਲਾ ਦਾਣਾ ਮੰਡੀ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਉਹ ਇਸ ਲਈ ਅਜਨਾਲਾ ਦਾਣਾ ਮੰਡੀ ਪਹੁੰਚੇ ਅਤੇ ਉੱਥੇ ਹਾਜ਼ਰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਮੰਡੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਕਿਹਾ ਕਿ ਅਜਨਾਲਾ ਮੰਡੀ ਉੱਤੇ ਪਿਛਲੇ ਕੁਝ ਅਰਸੇ ਦੌਰਾਨ ਨੌ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਜਿਸ ਨਾਲ ਇਥੇ ਵਧੀਆ ਸੜਕਾਂ, ਫਰਸ਼ ਅਤੇ ਸ਼ੈਡ ਬਣਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਸਾਡੇ ਇਲਾਕੇ ਵਿੱਚ ਕਣਕ ਦੀ ਆਮਦ 20 ਅਪ੍ਰੈਲ ਦੇ ਨੇੜੇ ਹੋਣ ਦੀ ਸੰਭਾਵਨਾ ਹੈ ਸੋ ਸਾਡੀ ਇਸ ਨੂੰ ਲੈ ਕੇ ਹਰ ਤਰ੍ਹਾਂ ਨਾਲ ਤਿਆਰੀ ਹੈ। ਉਹਨਾਂ ਕਿਹਾ ਕਿ ਅਜਨਾਲਾ ਅਤੇ ਇਸ ਦੇ ਨਾਲ ਲੱਗਦੀਆਂ ਮੰਡੀਆਂ ਵਿੱਚ ਵੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜੋ ਵੀ ਕਿਸਾਨ ਮੰਡੀ ਵਿੱਚ ਕਣਕ ਲੈ ਕੇ ਆਉਣਗੇ, ਸਾਡੀ ਕੋਸ਼ਿਸ਼ ਹੈ ਕਿ ਉਹਨਾਂ ਦੀ ਕਣਕ ਉਸੇ ਦਿਨ ਵਿੱਚ ਖਰੀਦ ਕੀਤੀ ਜਾਵੇਗੀ ਅਤੇ 24 ਘੰਟਿਆਂ ਦੇ ਵਿੱਚ ਉਸਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ। ਉਹਨਾਂ ਨੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ , ਟਰਾਂਸਪੋਰਟਰਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਸਾਰੇ ਇੱਕ ਟੀਮ ਬਣ ਕੇ ਕੰਮ ਕਰੋ ਕਣਕ ਦੀ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਸਾਂਝਾ ਕਰੋ

ਪੜ੍ਹੋ