
ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਸਕੂਲ ਪ੍ਰਿੰਸੀਪਲਾਂ ਲਈ ਤਰੱਕੀ ਦਾ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ 500 ਅਧਿਆਪਕਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਜਾਵੇਗਾ। ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ।
ਸ੍ਰੀ ਬੈਂਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਅਧਿਆਪਕ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਕੋਟਾ 75 ਫ਼ੀਸਦ ਤੈਅ ਕੀਤਾ ਹੋਇਆ ਸੀ। ਪਰ ਪਿਛਲੀ ਕਾਂਗਰਸ ਸਰਕਾਰ ਨੇ ਸਾਲ 2018 ਵਿੱਚ ਇਸ ਕੋਟੇ ਨੂੰ 75 ਫ਼ੀਸਦ ਤੋਂ ਘਟਾ ਕੇ 50 ਫ਼ੀਸਦ ਕਰ ਦਿੱਤਾ ਸੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਆ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਹੁਣ ਮੁੜ ਤੋਂ ਇਸ ਕੋਟੇ ਨੂੰ ਵਧਾ ਕੇ 75 ਫ਼ੀਸਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੇ ਕੋਟੇ ਵਿੱਚ ਕੀਤਾ ਇਹ ਵਾਧਾ ਮਾਹਿਰ ਅਤੇ ਯੋਗ ਅਧਿਆਪਕਾਂ ਨੂੰ ਅਗਵਾਈ ਦੀਆਂ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਦੇ ਵਧੇਰੇ ਮੌਕੇ ਦੇਵੇਗਾ, ਜਿਸ ਨਾਲ ਸਕੂਲਾਂ ਵਿੱਚ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਦਿਅਕ ਵਾਤਾਵਰਨ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।
ਸੂਬਾ ਸਰਕਾਰ ਸਿੱਖਿਆ ਦੇ ਸੁਧਾਰ ਲਈ ਵਚਨਬੱਧ: ਬੈਂਸ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨਾਲ ਲੈਸ ਕਰਨ ਲਈ ਪ੍ਰਮੁੱਖ ਕੌਮਾਂਤਰੀ ਅਤੇ ਕੌਮੀ ਸਿਖਲਾਈ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ।