
ਚੰਡੀਗੜ੍ਹ, 16 ਅਪ੍ਰੈਲ – ਨੈਸ਼ਨਲ ਹੈਰਾਲਡ ਕੇਸ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਇਰ ਕਰਨ ਵਿਰੁੱਧ ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਨੇ ਸੈਕਟਰ 35 ਸਥਿਤ ਕਾਂਗਰਸ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।
ਇਸ ਦੌਰਾਨ ਕਾਂਗਰਸੀਆਂ ਵੱਲੋਂ ਚੰਡੀਗੜ੍ਹ ਵਿੱਚ ਈਡੀ ਦਫਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਲੱਕੀ ਨੇ ਕੇਂਦਰ ਸਰਕਾਰ ਉੱਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣਬੁਝ ਕੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।