
ਅੰਮ੍ਰਿਤਸਰ, 18 ਅਪ੍ਰੈਲ – ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ। ਇਸ ਸਬੰਧ ਵਿੱਚ ਵੱਡੀ ਗਿਣਤੀ ਸਿੱਖ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ ਹਨ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ ਹੈ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਇਸ ਤਰ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਅੱਜ ਇਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਦੇ ਭੋਗ ਵੀ ਪਾਏ ਗਏ ਹਨ, ਜਿਸ ਨਾਲ ਇਸ ਸਬੰਧੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।