
ਸੰਗਰੂਰ, 22 ਅਪ੍ਰੈਲ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਸ਼ੇਰਪੁਰ ਤੋਂ ਰਾਮਗੜ੍ਹ ਛੰਨਾਂ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦੇ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਕਿਲੋਮੀਟਰ ਲੰਬੀ ਇਸ ਸੜਕ ਦੇ ਚੌੜਾ ਹੋਣ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉਤੇ ਤਕਰੀਬਨ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ 9 ਮਹੀਨਿਆਂ ਦੇ ਅੰਦਰ ਅੰਦਰ ਇਸ ਸੜਕ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਸ਼੍ਰੀ ਢਿੱਲੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰਦੇ ਹੋਏ ਪੜਾਅਵਾਰ ਢੰਗ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ।