
ਚੰਡੀਗੜ੍ਹ, 26 ਅਪ੍ਰੈਲ – ਪੰਜਾਬ ਸਰਕਾਰ ਨੇ ਕੁਰੱਪਸ਼ਨ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਇਲਾਵਾ ਵਿਜੀਲੈਂਸ ਰੇਂਜ ਜਲੰਧਰ ਦੇ ਐੱਸਐੱਸਪੀ ਹਰਪ੍ਰੀਤ ਸਿੰਘ ਅਤੇ ਏਆਈਜੀ (ਫਲਾਇੰਗ ਸਕੂਐਡ) ਸਵਰਨਦੀਪ ਸਿੰਘ ਨੂੰ ਵੀ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵੱਲੋਂ ਵਿਜੀਲੈਂਸ ਮੁਖੀ ਖ਼ਿਲਾਫ਼ ਇੰਨਾ ਵੱਡਾ ਕਦਮ ਚੁੱਕਿਆ ਗਿਆ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਮਾਮਲਾ ਆਉਣ ’ਤੇ ਉਨ੍ਹਾਂ ਨੇ ਫ਼ੌਰੀ ਐਕਸ਼ਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਸਨ।
ਕੌਣ ਹਨ ਪ੍ਰਵੀਨ ਕੁਮਾਰ ਸਿਨਹਾ
ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਪ੍ਰਵੀਨ ਕੁਮਾਰ ਸਿਨਹਾ, ਜੋ ਇਸ ਸਮੇਂ ਐਨਆਰਆਈ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਅਤੇ ਏਡੀਜੀਪੀ ਇੰਟੈਲੀਜੈਂਸ ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਵਿਜੀਲੈਂਸ ਬਿਊਰੋ, ਪੰਜਾਬ, ਐਸਏਐਸ ਨਗਰ ਦਾ ਨਵਾਂ ਮੁੱਖ ਨਿਰਦੇਸ਼ਕ ਨਿਯੁਕਤ ਕੀਤਾ ਹੈ।
ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸਬੰਧ ਵਿੱਚ ਕੀਤੇ ਸਸਪੈਂਡ
ਵਿਜੀਲੈਂਸ ਮੁਖੀ ਵਜੋਂ 1997 ਬੈਚ ਦੇ ਆਈਪੀਐਸ (ਸੁਰਿੰਦਰਪਾਲ ਸਿੰਘ ਪਰਮਾਰ) ਅਧਿਕਾਰੀ ਨੇ 26 ਮਾਰਚ ਨੂੰ ਹੀ ਅਹੁਦਾ ਸੰਭਾਲਿਆ ਸੀ। ਕਰੀਬ ਇੱਕ ਮਹੀਨੇ ਮਗਰੋਂ ਹੀ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਵੇਰਵਿਆਂ ਅਨੁਸਾਰ ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਸਸਪੈਂਡ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਲਾਇਸੈਂਸ ਘੁਟਾਲੇ ’ਚ ਕਾਰਵਾਈ ਰੋਕੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਕੀ ਹੈ ਮਾਮਲਾ
ਦੱਸਣਯੋਗ ਹੈ ਕਿ 7 ਅਪ੍ਰੈਲ ਨੂੰ ਵਿਜੀਲੈਂਸ ਨੇ ਸੂਬੇ ਭਰ ਵਿੱਚ ਆਰਟੀਏ ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਛਾਪੇ ਮਾਰੇ ਸਨ। ਲਾਇਸੈਂਸ ਘੁਟਾਲੇ ਦੇ ਸਬੰਧ ਵਿੱਚ 16 ਪੁਲਿਸ ਕੇਸ ਦਰਜ ਕੀਤੇ ਗਏ ਸਨ ਅਤੇ ਸਬੰਧਤ ਲੋਕਾਂ ਤੋਂ 40,900 ਰੁਪਏ ਵੀ ਜ਼ਬਤ ਕੀਤੇ ਗਏ ਸਨ।